ਨਗਰ ਨਿਗਮ ਲੁਧਿਆਣਾ ਦੇ ਮੇਅਰ ਨੂੰ ਲੈ ਕੇ ਸਥਿਤੀ ਸਾਫ਼ ਹੁੰਦੀ ਨਜ਼ਰ ਆ ਰਹੀ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਨਾਲ ਗੱਠਜੋੜ ਦੀਆਂ ਖ਼ਬਰਾਂ ਨੂੰ ਸੀਨੀਅਰ ਲੀਡਰਾਂ ਵੱਲੋਂ ਝੁਠਲਾ ਦਿੱਤਾ ਗਿਆ ਹੈ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਅਤੇ ਕੇਂਦਰੀ ਰਾਜ ਮੰਤਰੀ ਨੇ ਲੁਧਿਆਣਾ ਵਿਚ ਕਾਂਗਰਸ ਨਾਲ ਗੱਠਜੋੜ ਦੀਆਂ ਖ਼ਬਰਾਂ ਦਾ ਖੰਡਨ ਕਰ ਦਿੱਤਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਹੋਰ ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਬਹੁਮਤ ਵੱਲ ਕਦਮ ਵਧਾਏ ਜਾ ਰਹੇ ਹਨ।
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਟਵੀਟ ਕਰ ਆਖ਼ਿਆ ਹੈ ਕਿ ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ, ਅਤੇ ਕਾਂਗਰਸ ਦਾ ਸਮਰਥਨ ਕਰਨਾ ਸਾਡੇ ਸਿਧਾਂਤਾਂ ਦੇ ਵਿਰੁੱਧ ਹੈ। ਬਿੱਟੂ ਨੇ ਇਹ ਵੀ ਕਿਹਾ ਕਿ ਚੱਲ ਰਹੇ ਵਿਵਾਦਾਂ ਅਤੇ ਮੀਡੀਆ ਦੀਆਂ ਅਟਕਲਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।
ਦੂਜੇ ਪਾਸੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਵੀ ਅਜਿਹੀਆਂ ਹੀ ਗੱਲਾਂ ਕਹੀਆਂ ਹਨ। ਉਨ੍ਹਾਂ ਨੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਭਾਜਪਾ ਲੁਧਿਆਣਾ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਕਾਂਗਰਸ ਨਾਲ ਗੱਠਜੋੜ ਬਿਲਕੁੱਲ ਨਹੀਂ ਕਰੇਗੀ। ਵਿਜੇ ਰੁਪਾਨੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਇਨ੍ਹਾਂ ਕਿਆਸਅਰਾਈਆਂ ਦਾ ਖੰਡਨ ਕਰ ਦਿੱਤਾ ਹੈ।
ਕਾਂਗਰਸ ਅਤੇ ਭਾਜਪਾ ਵੱਲੋਂ 1991-92 ਵਿਚ ਗੱਠਜੋੜ ਕਰ ਕੇ ਚੌਧਰੀ ਸਤ ਪ੍ਰਕਾਸ਼ ਨੂੰ ਲੁਧਿਆਣਾ ਦਾ ਮੇਅਰ ਬਣਾਇਆ ਗਿਆ ਸੀ। ਇਸ ਵਾਰ ਵੀ ਕਿਸੇ ਪਾਰਟੀ ਨੂੰ ਬਹੁਮਤ ਨਾ ਮਿਲਣ ਮਗਰੋਂ ਕਾਂਗਰਸੀ ਆਗੂ ਦੀ ਸੋਸ਼ਲ ਮੀਡੀਆ ਪੋਸਟ ਮਗਰੋਂ ਇਸ ਗੱਠਜੋੜ ਦੀ ਚਰਚਾ ਛਿੜ ਗਈ ਸੀ। ਪਰ ਵੱਡੀ ਗੱਲ ਇਹ ਹੈ ਕਿ 1992 ਅਤੇ ਦਸੰਬਰ 2024 ਦੋਵਾਂ ਸਾਲਾਂ ਦੇ ਹਾਲਾਤ ਬਿਲਕੁਲ ਵੱਖਰੇ ਹਨ। ਕਿਉਂਕਿ ਭਾਜਪਾ ਹਾਈਕਮਾਂਡ ਦੋ ਮਹੀਨਿਆਂ ਬਾਅਦ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਜੁਟੀ ਹੋਈ ਹੈ ਅਤੇ ਲੁਧਿਆਣਾ ਵਿੱਚ ਨਗਰ ਨਿਗਮ ਪੱਧਰ ‘ਤੇ ਉਹ ਕਾਂਗਰਸ ਅਤੇ ਭਾਜਪਾ ਨਾਲ ਗਠਜੋੜ ਕਰਕੇ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਕਿਸੇ ਵੀ ਤਰ੍ਹਾਂ ਦਾ ਮਜ਼ਾਕ ਉਡਾਉਣ ਦਾ ਕੋਈ ਮੌਕਾ ਨਹੀਂ ਦੇਣਾ ਚਾਹੁੰਦੀ।


									 
					
