ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿਚ ਇਕ ਹੋਰ ਅਹਿਮ ਫ਼ੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਕਪੂਰਥਲਾ ਜ਼ਿਲ੍ਹੇ ਦੇ ਕਾਂਝਲਾ ਵਿਖੇ ਵਿਸ਼ੇਸ਼ ਤੌਰ ’ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਇਹ ਕੈਂਪ ਪੂਰੀ ਤਰ੍ਹਾਂ ਮਹਿਲਾ ਸਟਾਫ਼ ਵੱਲੋਂ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2023 ਵਿਚ ਪੰਜਾਬ ਦੀਆਂ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸ. ਏ. ਐੱਸ. ਨਗਰ ਵਿਖੇ ਐੱਨ. ਡੀ. ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਕਰ ਕੇ ਇਕ ਹੋਰ ਵੱਡਾ ਫੈਸਲਾ ਲਿਆ ਹੈ। ਇਸ ਸੰਸਥਾ ਨੇ ਪੰਜਾਬ ਦੀਆਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰਾਂ ਵਜੋਂ ਸ਼ਾਮਲ ਲਈ ਵੱਡੇ ਪੱਧਰ ’ਤੇ ਉਤਸ਼ਾਹਿਤ ਕੀਤਾ ਹੈ।
ਹਾਲ ਹੀ ਵਿਚ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ 2 ਲੇਡੀ ਕੈਡਿਟਾਂ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿਚ ਕ੍ਰਮਵਾਰ ਚੌਥਾ ਅਤੇ 23ਵਾਂ ਸਥਾਨ ਹਾਸਲ ਕੀਤਾ ਹੈ। ਪਿਛਲੇ ਦੋ ਮਹੀਨਿਆਂ ਵਿਚ ਐੱਸ. ਐੱਸ. ਬੀ. ਵਲੋਂ ਕਮਿਸ਼ਨਡ ਅਫਸਰਾਂ ਲਈ 6 ਹੋਰ ਲੇਡੀ ਕੈਡਿਟਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2024-25 ਵਿਚ ਇਸ ਸੰਸਥਾ ਵੱਲੋਂ ਐੱਨ. ਡੀ. ਏ. ਪ੍ਰੀਖਿਆ ਅਤੇ ਐੱਸ. ਐੱਸ. ਬੀ. ਲਈ 90 ਲੇਡੀ ਕੈਡਿਟਾਂ ਨੂੰ ਸਿਖਲਾਈ ਦਿੱਤੀ ਗਈ ਹੈ।