ਅੱਜ 41ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਬਾਰਡਰ ਵਿਖੇ ਮਰਨ ਵਰਤ ਜਾਰੀ ਰਿਹਾ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਜਿਗਰ, ਗੁਰਦੇ ਅਤੇ ਫੇਫੜਿਆਂ ਦੀ ਸਮੱਸਿਆ ਹੈ। ਉਹਨਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਵੀ ਖ਼ਤਮ ਹੋ ਜਾਂਦਾ ਹੈ ਤਾਂ ਖ਼ਤਰਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਜੀ ਦੇ ਸਾਰੇ ਅੰਗ 100% ਕੰਮ ਨਾ ਕਰ ਸਕਣ।ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਪਿਛਲੇ ਕਈ ਦਿਨਾਂ ਤੋਂ ਠੀਕ ਤਰ੍ਹਾਂ ਨਾਲ ਖੜ੍ਹੇ ਨਹੀਂ ਹੋ ਸਕਦੇ ਹਨ, ਜਿਸ ਕਾਰਨ ਉਹ ਆਪਣਾ ਵਜ਼ਨ ਠੀਕ ਤਰ੍ਹਾਂ ਨਹੀਂ ਮਾਪ ਪਾ ਰਹੇ ਹਨ।
ਡਾਕਟਰਾਂ ਨੇ ਦੱਸਿਆ ਕਿ ਉਸ ਦੀਆਂ ਮਾਸਪੇਸ਼ੀਆਂ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੀਆਂ ਹਨ ਅਤੇ ਸ਼ਾਇਦ ਉਹ ਕਦੇ ਵੀ ਠੀਕ ਨਹੀਂ ਹੋ ਸਕਣਗੇ।ਡਾਕਟਰਾਂ ਨੇ ਦੱਸਿਆ ਕਿ ਉਸ ਦਾ ਗਲੋਮੇਰੂਲਰ ਫਿਲਟਰੇਸ਼ਨ ਰੇਟ ਘੱਟ ਰਿਹਾ ਹੈ ਜਿਸ ਕਾਰਨ ਉਸ ਦੀ ਖੂਨ ਸਾਫ਼ ਕਰਨ ਦੀ ਸਮਰੱਥਾ ਘੱਟ ਰਹੀ ਹੈ। ਡਾਕਟਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੋਂ ਜਗਜੀਤ ਸਿੰਘ ਡੱਲੇਵਾਲ ਨੂੰ ਵਾਰ-ਵਾਰ ਉਲਟੀਆਂ ਆ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਅੱਜ ਬੋਲਣ ਦੇ ਵੀ ਯੋਗ ਨਹੀਂ ਹਨ।ਕਿਸਾਨ ਆਗੂਆਂ ਨੇ ਕਿਹਾ ਕਿ ਕੱਲ੍ਹ ਖਨੌਰੀ ਮੋਰਚੇ ’ਚ ਪਹੁੰਚੇ ਲੱਖਾਂ ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਨਵੀਂ ਊਰਜਾ ਦੇਣ ਦਾ ਕੰਮ ਕੀਤਾ ਹੈ।
ਜਗਜੀਤ ਸਿੰਘ ਡੱਲੇਵਾਲ ਨੇ ਉਹਨਾਂ ਕਿਸਾਨ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਜਿਹਨਾਂ ਦੇ ਮੈਂਬਰ ਬੀਤੇ ਦਿਨ ਇੱਕ ਸੜਕ ਹਾਦਸੇ ’ਚ ਸ਼ਹੀਦ ਜਾਂ ਜ਼ਖ਼ਮੀ ਹੋਏ ਸਨ, ਉਹਨਾਂ ਕਿਹਾ ਕਿ ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹਨਾਂ ਪਰਿਵਾਰਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ।