ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਸੁਖਬੀਰ ਦੇ ਅਸਤੀਫ਼ੇ ਬਾਰੇ ਫ਼ੈਸਲਾ ਲਿਆ ਜਾਣਾ ਸੀ।
ਜਿਥੇ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਦੱਸ ਦੇਈਏ ਕਿ ਸੁਖਬੀਰ 2008 ਤੋਂ ਲਗਾਤਾਰ ਪਾਰਟੀ ਪ੍ਰਧਾਨ ਦੇ ਅਹੁਦੇ ‘ਤੇ ਕਾਬਜ਼ ਸਨ ਪਰ 2024 ‘ਚ ਬਾਗੀ ਧੜੇ ਨੇ ਸੁਖਬੀਰ ਬਾਦਲ ਖਿਲਾਫ਼ ਅਕਾਲ ਤਖਤ ‘ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਸੁਖਬੀਰ ਨੂੰ ਅਕਾਲ ਤਖ਼ਤ ‘ਤੇ ਤਲਬ ਕੀਤਾ ਗਿਆ ਸੀ ਅਤੇ ਬਾਅਦ ‘ਚ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ।
ਇਸ ਤੋਂ ਬਾਅਦ 16 ਨਵੰਬਰ ਨੂੰ ਸੁਖਬੀਰ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਸਬੰਧੀ ਫ਼ੈਸਲਾ ਪੈਂਡਿੰਗ ਰੱਖਿਆ ਗਿਆ ਸੀ ਪਰ ਅੱਜ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ।
ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਬੋਲੇ ਪ੍ਰੇਮ ਸਿੰਘ ਚੰਦੂਮਾਜਰਾ
ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਕੇਵਲ ਸੁਖਬੀਰ ਬਾਦਲ ਦੇ ਅਸਤੀਫ਼ੇ ਦੇ ਆਦੇਸ਼ ਨਹੀਂ ਦਿੱਤੇ ਸਨ ਸਗੋਂ ਜਿਨ੍ਹਾਂ-ਜਿਨ੍ਹਾਂ ਨੇ ਅਸਤੀਫ਼ਾ ਦਿੱਤਾ ਉਨ੍ਹਾਂ ਨੂੰ ਮਨਜ਼ੂਰ ਕਰਨ ਲਈ ਕਿਹਾ ਸੀ। ਇਸ ਲਈ 2 ਦਸੰਬਰ ਦੇ ਹੁਕਮਨਾਮੇ ਨੂੰ ਇਨ ਬਿਨ ਲਾਗੂ ਕਰ ਕੇ 7 ਮੈਂਬਰੀ ਕਮੇਟੀ ਨੂੰ ਜ਼ਿੰਮੇਵਾਰੀ ਦਿੱਤੀ ਜਾਵੇ।