ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ। ਬਜਟ ਵਿੱਚ ਕਿਸਾਨ ਕ੍ਰੈਡਿਟ ਕਾਰਡ ਤਹਿਤ ਦਿੱਤੇ ਜਾਣ ਵਾਲੇ ਕਰਜ਼ੇ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਫਾਇਦਾ ਹੋਵੇਗਾ। ਸ਼ੁੱਕਰਵਾਰ ਨੂੰ ਸੰਸਦ ਵਿੱਚ ਪੇਸ਼ ਕੀਤੇ ਗਏ ਆਰਥਿਕ ਸਰਵੇਖਣ 2024-25 ਵਿੱਚ ਦੱਸਿਆ ਗਿਆ ਕਿ ਮਾਰਚ 2024 ਤੱਕ ਦੇਸ਼ ਵਿੱਚ ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਦੀ ਗਿਣਤੀ 7.75 ਕਰੋੜ ਸੀ। ਕੇਸੀਸੀ ਤਹਿਤ ਕਿਸਾਨਾਂ ਨੂੰ 9.81 ਲੱਖ ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਹਨ।
ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਸਕੀਮ 1998 ਵਿੱਚ ਸ਼ੁਰੂ ਕੀਤੀ ਗਈ ਸੀ। ਇਹ ਸਕੀਮ ਨਾਬਾਰਡ (ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ) ਦੀ ਸਿਫ਼ਾਰਸ਼ ‘ਤੇ ਲਾਗੂ ਕੀਤੀ ਗਈ ਸੀ। ਕਿਸਾਨ ਕ੍ਰੈਡਿਟ ਕਾਰਡ ਨੇ ਕਿਸਾਨਾਂ ਲਈ ਕਰਜ਼ੇ ਦੀ ਪ੍ਰਕਿਰਿਆ ਨੂੰ ਸਰਲ ਅਤੇ ਪਹੁੰਚਯੋਗ ਬਣਾ ਦਿੱਤਾ ਹੈ, ਜਿਸ ਨਾਲ ਉਹ ਸਮੇਂ ਸਿਰ ਬੀਜ, ਖਾਦਾਂ, ਕੀੜੇਮਾਰ ਦਵਾਈਆਂ ਅਤੇ ਹੋਰ ਖੇਤੀ ਸੰਦ ਖਰੀਦਣ ਦੇ ਯੋਗ ਬਣਦੇ ਹਨ। ਕਿਸਾਨ ਕ੍ਰੈਡਿਟ ਕਾਰਡ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਅਤੇ ਖੇਤੀ ਨਾਲ ਸਬੰਧਤ ਖਰਚਿਆਂ ਨੂੰ ਆਸਾਨੀ ਨਾਲ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।


