ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁੱਧ’’ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਜ਼ਿਲ੍ਹੇ ਅੰਦਰ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਸ਼ਖਤ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਅੱਜ ਇਥੇ ਪੁਲਿਸ ਵਲੋਂ ਪਿੰਡ ਬੀੜ ਤਲਾਬ ਵਿਖੇ ਇੱਕ ਨਸ਼ਾ ਤਸਕਰ ਦਾ ਮਕਾਨ ਢਹਿ-ਢੇਰੀ ਕਰਨ ਉਪਰੰਤ ਮੀਡੀਆਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ’ਚ ਨਸ਼ੇ ਦੀ ਤਸਕਰੀ ਕਰਨ ਵਾਲਾ ਹੋਟ ਸਪੋਟ ਏਰੀਆ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲਾ ਵਿਅਕਤੀ ਸੂਰਜ ਦੀ ਪਤਨੀ ਕੁਲਵਿੰਦਰ ਕੌਰ ਵਲੋਂ ਸਰਕਾਰੀ ਜ਼ਮੀਨ ’ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਸੀ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਨਸ਼ਾ ਤਸਕਰ ਸੂਰਜ ’ਤੇ ਨੌ ਮੁਕੱਦਮੇ ਦਰਜ ਹਨ, ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਸ ਦੇ ਭਰਾ ’ਤੇ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆੜ ਵਿੱਚ ਇਸ ਤਰ੍ਹਾਂ ਦੀ ਪ੍ਰੋਪਰਟੀ ਬਣਾਉਣ ਵਾਲਿਆਂ ਖਿਲਾਫ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ‘ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।ਇਸ ਮੌਕੇ ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ, ਏਐਸਪੀ ਸ਼੍ਰੀ ਅਨੁਭਵ ਜੈਨ, ਐਨਡੀਪੀਐਸ ਡੀਐਸਪੀ ਸ੍ਰੀ ਹਰਵਿੰਦਰ ਸਿੰਘ ਸਰਾਂ, ਡੀਐਸਪੀ ਦਿਹਾਤੀ ਹਿਨਾ ਗੁਪਤਾ, ਐਸਡੀਐਮ ਸ. ਬਲਕਰਨ ਸਿੰਘ ਮਾਹਲ ਅਤੇ ਐਸਐਚਓ ਸਦਰ ਬਠਿੰਡਾ ਇੰਸਪੈਕਟਰ ਜਗਦੀਪ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।


