ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਸਥਾਨਕ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਵਿਖੇ 5 ਸਾਬਕਾ ਸੈਨਿਕਾਂ (ਨਾਨ-ਪੈਨਸ਼ਨਰ) ਨੂੰ 10-10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਦ੍ਰਿੜ ਸੰਕਲਪ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਯਕੀਨੀ ਬਣਾਉਣ ਲਈ ਕਈ ਸੈਨਿਕ- ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ। ਸ਼੍ਰੀ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸਗ੍ਰੇਸ਼ੀਆ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ।
ਸੈਨਿਕਾਂ ਵਾਸਤੇ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਜਲੰਧਰ ਵਿਖੇ ਫੀਲਡ ਦਫ਼ਤਰ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਜਿਥੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ, ਖਾਸ ਕਰਕੇ ਰੱਖਿਆ ਭਲਾਈ ਵਿਭਾਗ ਨਾਲ ਸਬੰਧਿਤ ਮੁੱਦਿਆਂ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇਸ਼ ਦੀ ਸੁਰੱਖਿਆ ਲਈ ਕੁਰਬਾਨੀਆਂ ਦੇਣ ਵਾਲੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਪਰਿਵਾਰਾਂ ਦੀ ਭਲਾਈ, ਮਾਣ-ਸਨਮਾਨ ਅਤੇ ਖੁਸ਼ਹਾਲ ਜੀਵਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਪਸ਼ਨ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਸਾਬਕਾ ਸੈਨਿਕਾਂ (ਨਾਨ-ਪੈਨਸ਼ਨਰ) ਨੂੰ ਸਹਾਇਤਾ ਰਾਸ਼ੀ ਦੇ ਚੈਕ ਵੰਡਦੇ ਹੋਏ।


