ਡਿਪਟੀ ਕਮਿਸ਼ਨਰ-ਕਮ-ਪ੍ਰਬੰਧਕ ਜ਼ਿਲ੍ਹਾ ਪ੍ਰੀਸ਼ਦ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦਾ ਸਾਲ 2025-26 ਲਈ 6.68 ਕਰੋੜ ਰੁਪਏ ਦਾ ਅਨੁਮਾਨਤ ਬਜਟ ਪਾਸ ਕੀਤਾ ਗਿਆ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਸਾਲ 2025-26 ਲਈ 6,68,48,603 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਪੇਸ਼ ਕੀਤੀ ਗਈ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਵੀ ਮੌਜੂਦ ਸਨ। ਇਸ ਮੌਕੇ ਬਲਾਕ ਸੰਮਤੀਆਂ ਦਾ ਬਜਟ ਵੀ ਪੇਸ਼ ਕੀਤਾ ਗਿਆ, ਜਿਸ ’ਤੇ ਅਗਲੀ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ’ਤੇ ਜ਼ੋਰ ਦਿੰਦਿਆਂ ਡਾ. ਅਗਰਵਾਲ ਨੇ ਬੀ.ਡੀ.ਪੀ.ਓਜ਼ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਪ੍ਰਾਪਤ ਹੋਣ ਵਾਲੀ ਗ੍ਰਾਂਟ ਸਾਲ 2024-25 ਅਤੇ ਸਾਲ 2025-26 ਨਾਲ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਦੀਆਂ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀ 25 ਮਾਰਚ ਨੂੰ ਹੋਣ ਵਾਲੀ ਅਗਲੀ ਮੀਟਿੰਗ ਤੋਂ ਪਹਿਲਾਂ ਅਨੁਮਾਨ ਸਮੇਤ ਮੁਕੰਮਲ ਤਜਵੀਜ਼ਾਂ ਭੇਜਣ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਜਲ ਸਪਲਾਈ ਅਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦੀਆਂ ਤਜਵੀਜ਼ਾਂ ਭੇਜਣ ਲਈ ਕਿਹਾ ਤਾਂ ਜੋ ਅਗਲੇਰੀ ਪ੍ਰਕਿਰਿਆ ਜਲਦ ਤੋਂ ਜਲਦ ਅਮਲ ਵਿੱਚ ਲਿਆਂਦੀ ਜਾ ਸਕੇ।ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਬੀਰ ਕੌਰ ਸਮੇਤ ਬੀ.ਡੀ.ਪੀ.ਓਜ਼ ਆਦਿ ਵੀ ਮੌਜੂਦ ਸਨ।