ਜਲੰਧਰ, 27 ਮਈ : ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੜ੍ਹ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਬਰਸਾਤ ਤੋਂ ਪਹਿਲਾਂ-ਪਹਿਲਾਂ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮੁੱਚੇ ਬੰਦੋਬਸਤ ਮਾਨਸੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਹੋ ਜਾਣੇ ਚਾਹੀਦੇ ਹਨ ਕਿਉਂਕਿ ਅਗਾਊਂ ਤਿਆਰੀ ਸਦਕਾ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਸਹੀ ਢੰਗ ਨਾਲ ਨਿਪਟਿਆ ਜਾ ਸਕਦਾ ਹੈ।
ਉਨ੍ਹਾਂ ਨਹਿਰਾਂ, ਡਰੇਨਾਂ ਦੀ ਸਾਫ਼-ਸਫਾਈ ਅਤੇ ਗਾਰ ਕੱਢਣ ਦੇ ਕੰਮ ਤੋਂ ਇਲਾਵਾ ਨਹਿਰਾਂ ਦੇ ਕਿਨਾਰਿਆਂ ਦੇ ਮਜ਼ਬੂਤੀਕਰਨ ਦੇ ਕਾਰਜ ਨੂੰ ਪੂਰੀ ਤਵਜੋਂ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸ਼ਹਿਰਾਂ/ਪਿੰਡਾਂ ਦੇ ਡਰੇਨੇਜ਼, ਨਾਲਿਆਂ ਦੀ ਸਫਾਈ ਦੇ ਨਾਲ-ਨਾਲ ਸੀਵਰੇਜ ਦੀ ਸਫਾਈ ਵੀ ਕਰਵਾਈ ਜਾਵੇ। ਉਨ੍ਹਾਂ ਪਿੰਡਾਂ ਵਿਚਲੇ ਛੱਪੜਾਂ ਦੀ ਡੀਵਾਟਰਿੰਗ ਅਤੇ ਡੀਸਿਲਟਿੰਗ ਜਲਦ ਤੋਂ ਜਲਦ ਕਰਵਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਕਿਸੇ ਵੀ ਇਲਾਕੇ ਵਿੱਚ ਪਾਣੀ ਰੁਕਣਾ/ਭਰਨਾ ਨਹੀਂ ਚਾਹੀਦਾ, ਜਿਸ ਦੇ ਲਈ ਲੋੜੀਂਦੇ ਪ੍ਰਬੰਧ ਹੁਣ ਤੋਂ ਹੀ ਅਮਲ ਵਿੱਚ ਲਿਆਂਦੇ ਜਾਣ।
ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਹੜ੍ਹ ਕਟਰੋਲ ਰੂਮ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ, ਵਾਇਰਲੈੱਸ ਸੈਟ, ਰੱਸੇ, ਕਿਸ਼ਤੀਆਂ, ਰੇਤ ਦੀਆਂ ਬੋਰੀਆਂ ਸਮੇਤ ਹੋਰ ਜ਼ਰੂਰੀ ਸਾਮਾਨ ਦੇ ਪ੍ਰਬੰਧ ਅਗੇਤੇ ਤੌਰ ’ਤੇ ਯਕੀਨੀ ਬਣਾ ਲਏ ਜਾਣ। ਉਨ੍ਹਾਂ ਕਿਹਾ ਕਿ ਪੀਣ ਵਾਲਾ ਸਾਫ਼ ਪਾਣੀ, ਰਾਸ਼ਨ ਸਪਲਾਈ, ਪੈਟਰੋਲ-ਡੀਜ਼ਲ ਸਪਲਾਈ, ਡਾਕਟਰਾਂ ਦੀਆਂ ਟੀਮਾਂ ਤੇ ਦਵਾਈਆਂ, ਪਸ਼ੂਆਂ ਲਈ ਦਵਾਈਆਂ ਤੇ ਚਾਰੇ ਦੇ ਇੰਤਜ਼ਾਮ, ਸਪਰੇਅ, ਫੋਗਿੰਗ ਮਸ਼ੀਨਾਂ, ਦੂਰ ਸੰਚਾਰ ਵਿਵਸਥਾ, ਵਾਹਨਾਂ ਦਾ ਪ੍ਰਬੰਧ, ਕਿਸ਼ਤੀਆਂ, ਕਿਸ਼ਤੀਚਾਲਕਾਂ, ਗੋਤਾਖੋਰਾਂ ਦੀ ਸੂਚੀ ਆਦਿ ਸਬੰਧੀ ਕਾਰਜ ਵੀ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਉੱਚੇ ਸਥਾਨਾਂ ਦੀ ਸ਼ਨਾਖਤ ਕਰਨ ਲਈ ਵੀ ਕਿਹਾ, ਤਾਂ ਜੋ ਜੇਕਰ ਹੜ੍ਹਾਂ ਵਰਗੇ ਹਾਲਾਤ ਪੈਦਾ ਹੁੰਦੇ ਹਨ ਤਾਂ ਲੋਕਾਂ ਨੂੰ ਉਥੇ ਰਾਹਤ ਕੈਂਪਾਂ ਵਿੱਚ ਸੁਰੱਖਿਅਤ ਪਹੁੰਚਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ, ਜਨਰਲ (ਵਾਧੂ ਚਾਰਜ) ਵਿਵੇਕ ਮੋਦੀ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।