ਖੰਨਾ, 28 ਮਈ, 2025 :
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਵਿਧਾਨ ਸਭਾ ਹਲਕਾ ਖੰਨਾ ਦੇ ਹਰ ਇੱਕ ਪਿੰਡ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਇਸ ਗੱਲ ਦਾ ਸਬੂਤ ਦੇ ਰਹੀ ਹੈ ਕਿ ਲੋਕ, ਮਾਨ ਸਰਕਾਰ ਦੀ ਸੋਚ ‘ਤੇ ਪੂਰੀ ਨਿਡਰਤਾ ਨਾਲ ਪਹਿਰਾ ਦੇ ਰਹੇ ਹਨ।
ਇਹ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਹਲਕੇ ਦੇ ਪਿੰਡ ਬੂਥਗੜ੍ਹ, ਮਹੌਣ, ਰਾਮਗੜ੍ਹ, ਮਲਕਪੁਰ, ਹਰਿਓ ਕਲਾਂ ਅਤੇ ਮਾਜਰਾ ਰਹੌਣ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਜਾਗਰੂਕਤਾ ਸਭਾਵਾਂ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ।
ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ।
ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਨਾਜਾਇਜ਼ ਗਤੀਵਿਧੀਆਂ ਚਲਾ ਰਹੇ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ ਉਤੇ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਫੋਨ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਹਰ ਪਿੰਡ, ਹਰ ਪਰਿਵਾਰ ਅਤੇ ਹਰ ਨੌਜਵਾਨ ਨੂੰ ਨਸ਼ਾ ਮੁਕਤੀ ਯਾਤਰਾ ਨਾਲ ਜੁੜਨ ਦਾ ਸੱਦਾ ਦਿੱਤਾ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਸੌਂਦ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਰਾਜ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਉਹਨਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ।
ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।
ਕੈਬਨਿਟ ਮੰਤਰੀ ਸੌਂਦ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਵੀ ਦਿਵਾਇਆ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।
ਕੈਬਨਿਟ ਮੰਤਰੀ ਸੌਂਦ ਨੇ ਐਲਾਨ ਕੀਤਾ ਕਿ ਪਿੰਡ ਬੂਥਗੜ੍ਹ ਵਿਖੇ ਲਗਭੱਗ 35 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਮਾਜਰਾ ਰਹੌਣ ਵਿਖੇ ਲਗਭੱਗ 20 ਲੱਖ ਰੁਪਏ ਦੀ ਲਾਗਤ ਨਾਲ ਆਉਣ ਵਾਲੇ 4 ਮਹੀਨੇ ਦੇ ਅੰਦਰ-ਅੰਦਰ 2-2 ਏਕੜ ਵਿੱਚ ਮਾਡਲ ਖੇਡ ਮੈਦਾਨ ਤਿਆਰ ਕਰਕੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪਿੰਡ ਬੂਥਗੜ੍ਹ, ਹਰਿਓ ਕਲਾਂ ਅਤੇ ਮਾਜਰਾ ਰਹੌਣ ਵਿੱਚ ਪਾਣੀ ਦੀ ਨਿਕਾਸੀ ਲਈ 25-25 ਲੱਖ ਰੁਪਏ ਦੀ ਲਾਗਤ ਨਾਲ 30 ਨਵੰਬਰ, 2025 ਤੱਕ ਇਹਨਾਂ ਪਿੰਡਾਂ ਦੇ ਛੱਪੜ/ਟੋਭਾ ਦਾ ਪਾਣੀ ਅਤੇ ਗਾਰ ਕਢਵਾ ਕੇ ਛੱਪੜ/ਟੋਭੇ ਦੀ ਸਾਰੀ ਵਾਲ ਦੀ ਲਾਈਨਿੰਗ ਕੀਤੀ ਜਾਵੇਗੀ ਅਤੇ ਸੀਚੇਵਾਲ ਮਾਡਲ ਦਾ ਪ੍ਰੋਜੈਕਟ ਲਗਾ ਕੇ ਇਨ੍ਹਾਂ ਪਿੰਡ ਦਾ ਪਾਣੀ ਸੀਚੇਵਾਲ ਮਾਡਲ ਰਾਹੀਂ ਟਰੀਟਡ ਕਰਕੇ ਟਰੀਟਡ ਪਾਣੀ ਸੋਲਰ ਮੋਟਰਾਂ ਲਗਾ ਕੇ ਖੇਤਾਂ ਨੂੰ ਦਿੱਤਾ ਜਾਵੇਗਾ। ਮੰਤਰੀ ਸੌਂਦ ਨੇ ਪਿੰਡ ਹਰਿਓ ਕਲਾਂ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਹਲਕਾ ਖੰਨਾ ਤੋਂ ਕੋਆਰਡੀਨੇਟਰ ਪਰਮਪ੍ਰੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ,ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਿਹਾਤੀ ਸ੍ਰੀ ਅਵਤਾਰ ਸਿੰਘ, ਓ.ਐਸ.ਡੀ ਕਰੁਣ ਅਰੋੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।


