ਜਲੰਧਰ, 14 ਜੂਨ: ਡੀ.ਜੀ.ਪੀ ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ ਅਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਏ.ਡੀ.ਜੀ.ਪੀ. ਮਨੁੱਖੀ ਅਧਿਕਾਰ ਪੰਜਾਬ, ਡਾ. ਨਰੇਸ਼ ਕੁਮਾਰ ਅਰੋੜਾ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਾਲ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਇੱਕ ਸਪੈਸ਼ਲ ਕੋਰਡਨ ਅਤੇ ਸਰਚ ਆਪ੍ਰੇਸ਼ਨ (CASO) ਚਲਾਇਆ ਗਿਆ।
ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਨਾਖਤ ਕੀਤੇ ਗਏ ਡਰੱਗ ਹੋਟਸਪੋਟਸ ਧਨਕੀਆ ਮੁਹੱਲਾ, ਬਾਬਾ ਦੀਪ ਸਿੰਘ ਨਗਰ, ਪਿੰਡ ਰੇੜੂ, ਬਸਤੀ ਸ਼ੇਖ, ਅਬਾਦਪੁਰਾ, ਧੀਨਾ, ਅੱਲੀ ਮੁਹੱਲਾ ਅਤੇ ਬਸਤੀ ਗੁਜ਼ਾਂ ਵਿਖੇ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਵਿੱਚ 220 ਤੋਂ ਵੱਧ ਪੁਲਿਸ ਕਰਮਚਾਰੀ, ਜਿਨ੍ਹਾਂ ਨਾਲ 10 ਜੀ.ਓ. ਰੈਂਕ ਦੇ ਅਫ਼ਸਰ ਅਤੇ ਸਬੰਧਤ ਐਸ.ਐਚ.ਓਜ਼. ਸ਼ਾਮਲ ਸਨ। ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕਾਂ ਨਾਲ ਕਥਿਤ ਤੌਰ ‘ਤੇ ਜੁੜੇ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ‘ਤੇ ਪੂਰੇ ਤਾਲਮੇਲ ਨਾਲ ਛਾਪੇਮਾਰੀ ਕੀਤੀ ਗਈ।
ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਘਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ। ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਖੇਤਰਾਂ ਵਿੱਚ ਸ਼ੱਕੀ ਗਤੀਵਿਧੀਆਂ ਬਾਰੇ ਖੁਫੀਆ ਜਾਣਕਾਰੀ ਇਕੱਤਰ ਕਰਨ ਲਈ ਸਥਾਨਕ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ। ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਅਤੇ ਭੱਜਣ ਦੇ ਰਸਤਿਆਂ ਨੂੰ ਰੋਕਣ ਲਈ ਸ਼ਹਿਰ ਵਿੱਚ ਰਣਨੀਤਕ ਨਾਕਾਬੰਦੀ ਕੀਤੀ ਗਈ ਤਾਂ ਜੋ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਸਕੇ।
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਾਗਰਿਕਾਂ ਨੂੰ ਆਪਣੇ ਇਲਾਕੇ ਵਿੱਚ ਨਸ਼ੇ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਦੀ ਰਿਪੋਰਟ ਨਸ਼ਾ ਵਿਰੋਧੀ ਹੈਲਪਲਾਈਨ 9779100200 ’ਤੇ ਕਰਨ ਦੀ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ ਸਾਂਝੀ ਕੀਤੀ ਗਈ ਸਾਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ।