ਸਾਹਨੇਵਾਲ (ਲੁਧਿਆਣਾ), 19 ਜੂਨ : ਸੂਬੇ ਨੂੰ ਭ੍ਰਿਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭ੍ਰਿਸ਼ਟ ਅਨਸਰਾਂ ਦੇ ਖਿਲਾਫ਼ ਸਰਕਾਰ ਸਖਤ ਤੋਂ ਸਖ਼ਤ ਕਾਰਵਾਈ ਕਰੇਗੀ।
ਅੱਜ ਇੱਥੇ ਸਬ-ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਸਾਹਨੇਵਾਲ ਦਾ ਅਚਨਚੇਤੀ ਦੌਰਾ ਕਰਨ ਮੌਕੇ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਲੈਣ ਦੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਿਸ਼ਵਤ ਮੰਗਣ ਵਾਲਿਆਂ ਦੀ ਸ਼ਿਕਾਇਤ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸਥਾਪਤ ਕੀਤੀ ਹੈ ਅਤੇ ਹੁਣ ਤੱਕ ਇਸ ਉਪਰ ਹਾਸਲ ਹੋਈਆਂ ਸ਼ਿਕਾਇਤਾਂ ਦੇ ਆਧਾਰ ਉਤੇ ਭ੍ਰਿਸ਼ਟਾਚਾਰੀਆਂ ਖਿਲਾਫ਼ ਕਾਰਵਾਈ ਕੀਤੀ ਵੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਮੁੰਡੀਆਂ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਮੈਂ ਤੁਹਾਨੂੰ ਅਪੀਲ ਕਰਦਾਂ ਹਾਂ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਸਾਨੂੰ ਦੱਸੋ। ਅਜਿਹੇ ਰਿਸ਼ਵਤਖੋਰਾਂ ਦੇ ਖਿਲਾਫ਼ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ। ਤੁਹਾਡੇ ਸਹਿਯੋਗ ਨਾਲ ਹੀ ਸ਼ਾਸਨ ਨੂੰ ਭ੍ਰਿਸ਼ਟਾਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨਾ ਯਕੀਨੀ ਬਣਾਇਆ ਜਾਵੇਗਾ।”
ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਵਿਭਾਗਾਂ ਦੀ ਸਥਿਤੀ ਵਿਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉਤੇ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਪ੍ਰਸ਼ਾਸਿਨਕ ਸੇਵਾਵਾਂ ਹਾਸਲ ਕਰਨ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ 70 ਸਾਲਾਂ ਦੀ ਉਲਝੀ ਹੋਈ ਤਾਣੀ ਨੂੰ ਠੀਕ ਕੀਤਾ ਜਾ ਰਿਹਾ ਹੈ ਜਿਸ ਕਰਕੇ ਕੁਝ ਸਮੇਂ ਬਾਅਦ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ।
ਇਸ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਸਬ-ਤਹਿਸੀਲ ਦਫ਼ਤਰ ਅਤੇ ਸੇਵਾ ਕੇਂਦਰ ਦਾ ਦੌਰਾ ਕਰਕੇ ਮੁਲਾਜ਼ਮਾਂ ਅਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।