ਲੁਧਿਆਣਾ, 26 ਜੂਨ : ਜ਼ਿਲ੍ਹੇ ਵਿੱਚ ਹਰਿਆਵਲ ਲਹਿਰ ਨੂੰ ਹੋਰ ਹੁਲਾਰਾ ਦੇਣ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਜੁਲਾਈ ਮਹੀਨੇ ਵਿੱਚ ਜ਼ਿਲੇ ਅੰਦਰ ਇੱਕ ਲੱਖ ਬੂਟੇ ਲਗਵਾਏਗਾ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇਸ ਸੰਬੰਧ ਵਿੱਚ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੁਲਾਈ ਮਹੀਨੇ ਤੋਂ ਵੱਡੇ ਪੱਧਰ ‘ਤੇ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਿਆਵਲ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਅਤੇ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓ) ਨੂੰ ਇੱਕ ਲੱਖ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਦਿੱਤਾ ਗਿਆ ਹੈ ਜੋ ਸਾਰਿਆਂ ਦੇ ਸਹਿਯੋਗ ਨਾਲ ਸਰ ਕੀਤਾ ਜਾਵੇਗਾ।
ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਅਧੀਨ ਜ਼ਿਲ੍ਹੇ ਦੀਆਂ 14 ਨਰਸਰੀਆਂ ਵੱਲੋਂ ਫਲਦਾਰ, ਛਾਂਦਾਰ, ਸਜਾਵਟੀ ਆਦਿ ਕਿਸਮਾਂ ਦੇ ਬੂਟੇ ਮੁਹੱਈਆ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਹਿਲਕਦਮੀ ਜ਼ਿਲ੍ਹੇ ਵਿੱਚ ਹਰਿਆਲੀ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਅੰਦਰ ਘਟੇ ਹਰਿਆਵਲ ਰਕਬੇ ਦੀ ਗੱਲ ਕਰਦਿਆਂ ਹਿਮਾਂਸ਼ੂ ਜੈਨ ਨੇ ਕਿਹਾ ਕਿ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਾਏ ਜਾਣ ਵਾਲੇ ਬੂਟਿਆਂ ਦੀ ਸਾਂਭ-ਸੰਭਾਲ ਬਹੁਤ ਲਾਜ਼ਮੀ ਹੈ ਜਿਸ ਪ੍ਰਤੀ ਸਾਰਿਆਂ ਨੂੰ ਗੰਭੀਰ ਹੋਣਾ ਚਾਹੀਦਾ ਹੈ ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇਹ ਵੀ ਦੱਸਿਆ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ ਤਾਂ ਜੋ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਰੁੱਖ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਾਗਰਿਕਾਂ ਦੀ ਤੰਦਰੁਸਤੀ ਲਈ ਇੱਕ ਸਾਫ਼ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਜ਼ਰੂਰੀ ਹੈ, ਕਿਉਂਕਿ ਰੁੱਖ ਆਕਸੀਜਨ ਦਾ ਮੁੱਖ ਸਰੋਤ ਹਨ, ਜੋ ਮਨੁੱਖੀ ਜੀਵਨ ਲਈ ਵੀ ਮਹੱਤਵਪੂਰਨ ਹਨ।
ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਸਾਫ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਬੂਟੇ ਲਗਾਉਣ ਦੀਆਂ ਮੁਹਿੰਮਾਂ ਵਧੇਰੇ ਮਹੱਤਵਪੂਰਣ ਹਨ ਕਿਉਂਕਿ ਘੱਟ ਰਹੀ ਹਰਿਆਲੀ ਹਰ ਇੱਕ ਲਈ ਚਿੰਤਾ ਦਾ ਵਿਸ਼ਾ ਹੈ ਜੋਕਿ ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਇੱਕ ਵਿਅਕਤੀ ਦਾ ਇਹ ਲਾਜ਼ਮੀ ਫਰਜ਼ ਬਣਦਾ ਹੈ ਕਿ ਉਹ ਅੱਗੇ ਆਉਣ ਅਤੇ ਆਪਣੇ ਜ਼ਿਲ੍ਹੇ ਨੂੰ ਹਰਿਆਵਲ ਪ੍ਰਦਾਨ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ। ਇਸ ਨੇਕ ਕੰਮ ਵਿਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ, ਉਨ੍ਹਾਂ ਵਸਨੀਕਾਂ ਨੂੰ ਕਿਹਾ ਕਿ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਘੱਟੋ-ਘੱਟ ਇਕ ਬੂਟਾ ਲਗਾਉਣ ਅਤੇ ਉਸ ਦੀ ਦੇਖਭਾਲ ਕਰਨ।