ਖੰਨਾ, (ਲੁਧਿਆਣਾ), 6 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਉਪਰਾਲੇ ਭਵਿੱਖ ਵਿੱਚ ਪੰਜਾਬ ਨੂੰ ਖੇਡਾਂ ਦੇ ਉੱਤਮ ਕੇਂਦਰ ਵਜੋਂ ਸਥਾਪਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਥਾਨਕ ਪ੍ਰਿੰਸੀਪਲ ਰਮੇਸ਼ ਚੰਦਰ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿੱਚ ਇਨਾਮ ਵੰਡ ਸਮਾਰੋਹ ਵਿਖੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਖੇਡਾਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਖੇਡਦਾ ਪੰਜਾਬ, ਬਦਲਦਾ ਪੰਜਾਬ’ ਪਹਿਲਕਦਮੀ ਤਹਿਤ 13 ਸੈਂਟਰ ਆਫ਼ ਐਕਸੀਲੈਂਸ ਕੇਂਦਰਾਂ ਨੂੰ ਅਡਵਾਂਸ ਅਤੇ ਆਧੁਨਿਕ ਬਣਾਇਆ ਜਾ ਰਿਹਾ ਹੈ ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰਨ ਵਾਲੇ ਪੰਜਾਬ ਦੇ ਚੈਂਪੀਅਨ ਖਿਡਾਰੀਆਂ ਲਈ ਹੱਬ ਬਣ ਜਾਣਗੇ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਖੇਡ ਵਿਭਾਗ ਨੂੰ 979 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਵਿਵਸਥਾ ਹੈ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਜਾਰੀ ਹੋਣ ਵਾਲੀ ਰਕਮ ਹੈ ਜੋ ਆਪਣੇ-ਆਪ ਵਿਚ ਪੰਜਾਬ ਵਿੱਚ ਖੇਡਾਂ ਪ੍ਰਤੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।
ਆਮ ਆਦਮੀ ਪਾਰਟੀ ਦੇ ਯੂਥ ਆਗੂ ਗੁਰਸੀਰਤ ਸਿੰਘ ਅਤੇ ਹੇਮਪ੍ਰੀਤ ਸਿੰਘ ਵੱਲੋਂ ਆਪਣੇ ਪਿਤਾ ਸਵਰਗੀ ਜਤਿੰਦਰ ਸਿੰਘ (ਲੱਕੀ) ਦੀ ਯਾਦ ਵਿੱਚ ਕਰਵਾਏ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਵਿੱਚ ‘ਖੇਡਾ ਵਤਨ ਪੰਜਾਬ ਦੀਆਂ’ ਉਪਰਾਲੇ ਨੇ ਵੀ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਨਾਲ ਜੋੜਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਖੇਡਾਂ ਦੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਜਾਣਗੇ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਜਿਹੇ ਖੇਡ ਮੇਲੇ ਕਰਵਾਏ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਸਿਹਤਮੰਦ ਜੀਵਨ ਵੱਲ ਵਧ ਸਕਣ।
ਉਹਨਾਂ ਕਿਹਾ ਕਿ ਜੇਕਰ ਨੌਜਵਾਨ ਪੀੜੀ ਆਪਣੇ ਆਪ ਨੂੰ ਖੇਡਾਂ ਨਾਲ ਜੋੜਦੀ ਹੈ ਤਾਂ ਉਹ ਨਾ ਸਿਰਫ਼ ਖਿਡਾਰੀ ਬਣ ਸਕਣਗੇ ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਤੰਦਰੁਸਤ ਰਹਿਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆ ਵਾਲਾ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ।