ਲੁਧਿਆਣਾ, 10 ਜੁਲਾਈ – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਦੀ ਅਗਵਾਈ ਹੇਠ ਬਣੀ ਲੁਧਿਆਣੇ ਜ਼ਿਲ੍ਹੇ ਦੀ ”ਪੀ ਐਮ ਸੂਰਿਆ ਘਰ ਯੋਜਨਾ” ਦੀ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਬੀਤੇ ਦਿਨੀਂ ਵੱਖ-ਵੱਖ ਪਿੰਡਾਂ ਵਿੱਚ ਸੋਲਰ ਸਿਸਟਮ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ।
ਜ਼ਿਲ੍ਹਾ ਮੈਨੇਜਰ ਪੇਡਾ ਗੁਰਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਪਿੰਡ ਦਾਖਾ, ਘੁਡਾਣੀ ਕਲਾਂ ਅਤੇ ਰਾਮਪੁਰ ਵਿਖੇ ਲਗਾਏ ਜਿੱਥੇ ਉਨ੍ਹਾਂ ਦੇ ਨਾਲ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਸੋਲਰ ਸਿਸਟਮ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਤਵੰਤਿਆਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਵਸਨੀਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
ਜ਼ਿਲ੍ਹਾ ਮੈਨੇਜਰ ਪੇਡਾ ਵੱਲੋਂ ਕੈਂਪਾਂ ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਉਹ ਆਪਣੀ ਬਿਜਲੀ ਖੁਦ ਬਣਾ ਕੇ ਵਾਤਾਵਰਨ ਨੂੰ ਸੰਭਾਲਣ ਵਿੱਚ ਵੀ ਸਹਿਯੋਗ ਕਰ ਸਕਦੇ ਹਨ।