ਲੁਧਿਆਣਾ, 10 ਜੁਲਾਈ: ਲੁਧਿਆਣਾ ਨੂੰ ‘ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ’ ਜ਼ਿਲ੍ਹਾ ਬਣਾਉਣ ਲਈ ਕਮਰ ਕੱਸਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਮਿਲ ਕੇ ਕਿਸਾਨਾਂ ਨੂੰ ਆਗਾਮੀ ਹਫ਼ਤਿਆਂ ਵਿੱਚ ਸਬਸਿਡੀ ਵਾਲੇ ਝੋਨੇ ਦੀ ਪਰਾਲੀ ਪ੍ਰਬੰਧਨ ਉਪਕਰਣ ਵੰਡਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਅਤੇ ਜ਼ਮੀਨਾਂ ਲਈ ਖਤਰਨਾਕ ਹੈ, ਜਿਸ ਨੂੰ ਕਿਸਾਨ ਮਾਂ ਸਮਝਦੇ ਹਨ। ਉਨ੍ਹਾਂ ਸਪੱਸ਼ਟ ਤੌਰ ‘ਤੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਬੇਹੱਦ ਘਾਤਕ ਹੈ ਕਿਉਂਕਿ ਇਹ ਮਿੱਟੀ ਦੀ ਸਿਹਤ ਨੂੰ ਖਰਾਬ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚਾਉਂਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੇ ਕਈ ਮੁੱਖ ਪੌਸ਼ਟਿਕ ਤੱਤ ਅਤੇ ਹੋਰ ਸੂਖਮ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਨਵੀਨਤਮ ਤਕਨੀਕਾਂ ਰਾਹੀਂ ਇਨ-ਸੀਟੂ ਪ੍ਰਬੰਧਨ ਲਈ ਪ੍ਰਭਾਵੀ ਤਰੀਕੇ ਅਪਨਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਕਿਸਾਨਾਂ ਅਤੇ ਕਿਸਾਨ ਸਮੂਹਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਬੇਲਰ, ਰੇਕ, ਮਲਚਰ, ਪੈਡੀ ਚੌਪਰ ਸ਼ਰੈਡਰ, ਆਰ.ਐਮ.ਬੀ. ਪਲਾਓ ਹਲ ਸਮੇਤ ਕਈ ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਜਾ ਰਹੀਆਂ ਹਨ।
ਵਿਅਕਤੀਗਤ ਕਿਸਾਨ 50 ਫੀਸਦ ਸਬਸਿਡੀ ਪ੍ਰਾਪਤ ਕਰਨ ਦਾ ਹੱਕਦਾਰ ਹੈ ਅਤੇ ਕਿਸਾਨ ਸਮੂਹ/ਸਹਿਕਾਰੀ ਸਭਾਵਾਂ ਨੂੰ 80 ਫੀਸਦ ਸਬਸਿਡੀ ਮਿਲਦੀ ਹੈ। ਹੁਣ ਤੱਕ 600 ਤੋਂ ਵੱਧ ਪਰਾਲੀ ਪ੍ਰਬੰਧਨ ਮਸ਼ੀਨਾਂ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ 315 ਕਿਸਾਨਾਂ ਵੱਲੋਂ ਮਸ਼ੀਨਾਂ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਬਾਕੀ ਕਿਸਾਨ ਵੀ ਝੋਨੇ ਦੀ ਵਾਢੀ ਤੋਂ ਪਹਿਲਾਂ ਪ੍ਰਵਾਨਗੀ ਦਿੱਤੀਆਂ ਮਸ਼ੀਨਾਂ ਦੀ ਖ੍ਰੀਦ ਕਰ ਲੈਣ।
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਅਤੇ ਖ੍ਰੀਦ ਏਜੰਸੀਆਂ ਦੇ ਮੁਖੀਆਂ ਨੂੰ ਇਸ ਸਾਲ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੀ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਨੇ 15 ਸਤੰਬਰ ਤੱਕ ਸਾਰੇ ਜ਼ਰੂਰੀ ਪ੍ਰਬੰਧ ਅਤੇ ਵਿਵਸਥਾਵਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਆਗਾਮੀ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਭਾਈਵਾਲਾਂ ਦੇ ਸਮੁੱਚੇ ਸਹਿਯੋਗ ਦੀ ਅਪੀਲ ਕਰਦਿਆਂ ਏ.ਡੀ.ਸੀ ਨੇ ਕਿਹਾ ਕਿ ਇਸ ਸਬੰਧੀ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।