ਲੁਧਿਆਣਾ, 14 ਜੁਲਾਈ – ਵਿਧਾਨ ਸਭਾ ਹਲਕਾ ਆਤਮ ਨਗਰ ਤੋੰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋੰ ਵਾਰਡ ਨੰਬਰ 48 ਅਧੀਨ ਨਿਰਮਲ ਨਗਰ ਅਤੇ ਦੁੱਗਰੀ ਪਿੰਡ ਦੀਆਂ 8 ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।
ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 22.70 ਲੱਖ ਰੁਪਏ ਖਰਚ ਕੀਤੇ ਜਾਣਗੇ।
ਇਸ ਮੌਕੇ ਵਾਰਡ ਇੰਚਾਰਜ ਪਰਦੀਪ ਸਿੰਘ ਅੱਪੂ ਅਤੇ ਇਲਾਕੇ ਦੇ ਪਤਵੰਤੇ ਵੀ ਮੌਜੂਦ ਸਨ।
ਵਿਧਾਇਕ ਸਿੱਧੂ ਨੇ ਕਿਹਾ ਕਿ ਇਹ ਪਹਿਲ ਸਮੇਂ ਸਿਰ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਨਾਗਰਿਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਾਡੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ।
ਵਿਧਾਇਕ ਸਿੱਧੂ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਥਾਨਕ ਵਸਨੀਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਨਿਰਮਲ ਨਗਰ ਅਤੇ ਪਿੰਡ ਦੁੱਗਰੀ ਦੀਆਂ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਸੀ ਅਤੇ ਬਰਸਾਤੀ ਮੌਸਮ ਦੌਰਾਨ ਰਾਹਗੀਰਾਂ ਨੂੰ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗਲੀਆਂ ਦੇ ਨਿਰਮਾਣ ਨਾਲ ਆਵਾਜਾਈ ਸੁਖਾਵੀਂ ਹੋਵੇਗੀ ਤੇ ਵਿਕਾਸ ਦਾ ਰਾਹ ਪੱਧਰਾ ਹੋਵੇਗਾ।
ਇਲਾਕਾ ਨਿਵਾਸੀਆਂ ਨੇ ਵਿਧਾਇਕ ਸਿੱਧੂ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਸਨਮਾਨ ਵੀ ਕੀਤਾ।