ਜਲੰਧਰ, 19 ਜੁਲਾਈ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਇਸਾਈ ਭਾਈਚਾਰੇ ਵੱਲੋਂ ਆਪਣੀਆਂ ਸਿੱਖਿਆ ਸੰਸਥਾਵਾਂ ਰਾਹੀਂ ਸੱਭਿਅਕ ਸਮਾਜ ਦੀ ਸਿਰਜਣਾ ਵਿੱਚ ਮਹੱਤਵਪੂਰਣ ਯੋਗਦਾਨ ਪਾਇਆ ਜਾ ਰਿਹਾ ਹੈ।
ਇਥੇ ਹੋਲੀ ਟ੍ਰਿਨਿਟੀ ਚਰਚ ਵਿਖੇ ਡਾਇਸਸ ਆਫ਼ ਜਲੰਧਰ ਦੇ ਨਵੇਂ ਬਿਸ਼ਪ ਡਾ. ਜੋਸ ਸਬੈਸਟੀਅਨ ਦੇ ਸਵਾਗਤ ਵਿੱਚ ਹੋਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੱਭਿਅਕ ਸਮਾਜ ਦੇ ਨਿਰਮਾਣ ਵਿੱਚ ਸਿੱਖਿਆ ਦਾ ਸਭ ਤੋਂ ਅਹਿਮ ਰੋਲ ਹੁੰਦਾ ਹੈ। ਸਮਾਜ ਜਿੰਨਾ ਪੜ੍ਹਿਆ-ਲਿਖਿਆ ਹੋਵੇਗਾ, ਓਨਾ ਹੀ ਸੱਭਿਅਕ ਹੋਵੇਗਾ। ਉਨ੍ਹਾਂ ਕਿਹਾ ਕਿ ਇਸਾਈ ਭਾਈਚਾਰੇ ਵੱਲੋਂ ਆਪਣੇ ਸਕੂਲਾਂ ਰਾਹੀਂ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸਿਹਤ ਸੇਵਾਵਾਂ ਦੇ ਪ੍ਰਸਾਰ ਵਿੱਚ ਵੀ ਵੱਡਮੁੱਲਾ ਯੋਗਦਾਨ ਪਾਇਆ ਹੈ।ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਡਾਇਰੈਕਟਰ ਪੀ.ਆਰ.ਟੀ.ਸੀ. ਰਜਿੰਦਰ ਸਿੰਘ ਰਿਹਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ।
ਸ਼੍ਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੀ ਮਨੁੱਖਤਾ ਦੀ ਸੇਵਾ ਦੇ ਸਿਧਾਂਤ ’ਤੇ ਚੱਲਦਿਆਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬਿਸ਼ਪ ਡਾ. ਜੋਸ ਸਬੈਸਟੀਅਨ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਮੁਬਾਰਕਬਾਦ ਦਿੰਦਿਆਂ ਵਿੱਤ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਉਹ ਸਮਾਜ ਭਲਾਈ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦੇ ਨਾਲ-ਨਾਲ ਪੰਜਾਬ ਦੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਵਿਚ ਵੀ ਸਰਗਰਮ ਭੂਮਿਕਾ ਨਿਭਾਉਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਆਪ ਆਗੂ ਰੋਬਿਨ ਸਾਂਪਲਾ, ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਆਦਿ ਵੀ ਮੌਜੂਦ ਸਨ।