ਲੁਧਿਆਣਾ, 19 ਜੁਲਾਈ (000) – ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦਾ ਖਾਤਮਾ ਕਰਨ ਲਈ ਪਿੰਡ ਮਾਛੀਆਂ ਕਲਾਂ, ਮਾਛੀਆਂ ਖੁਰਦ, ਸੇਲਕੀਆਣਾ, ਬੋੜੇ, ਸੇਲਮਪੁਰ ਅਤੇ ਢੋਲਣਵਾਲ ਵਿਖੇ ਇਕਜੁੱਟ ਹੋਣ ਦੀ ਸਹੁੰ ਚੁਕਾਈ।ਉਨ੍ਹਾਂ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਲਈ ਲੋਕਾਂ ਦੇ ਭਰਵੇਂ ਹੁੰਗਾਰੇ ਲਈ ਧੰਨਵਾਦ ਵੀ ਕੀਤਾ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਹੀਲੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੀ ਕਾਲੀ ਕਮਾਈ ਨਾਲ ਉਸਾਰੀਆਂ ਨਾਜਾਇਜ਼ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਜਾਵੇਗਾ।ਉਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ।ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ‘ਤੇ ਮਿਸਾਲੀ ਕਾਰਵਾਈਆਂ ਕਰਕੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ ਅਤੇ ਹੁਣ ਨੌਜਵਾਨ ਨਸ਼ਿਆਂ ਤੋਂ ਪਾਸਾ ਵੱਟ ਕੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਨਾਉਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਸ਼ਾ ਛੁਡਾਉਣ ਤੋਂ ਇਲਾਵਾ ਇਸਦੀ ਰੋਕਥਾਮ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਨਸ਼ਾਖੋਰੀ ਨਾਲ ਜੂਝ ਰਹੇ ਵਿਅਕਤੀਆਂ ਦੇ ਸਹੀ ਇਲਾਜ ਅਤੇ ਸਲਾਹ ਸੇਵਾਵਾਂ ਪ੍ਰਦਾਨ ਕਰਨ ਲਈ ਮੁੜ ਵਸੇਬਾ ਸੰਸਥਾਵਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਨ੍ਹਾਂ ਵਿਅਕਤੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਰੋਜ਼ਗਾਰ ਦੇ ਵੱਖ-ਵੱਖ ਮੌਕੇ ਅਤੇ ਹੁਨਰ ਵਧਾਉਣ ਦੀ ਪੇਸ਼ਕਸ਼ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਦੇ ਕਾਬਿਲ ਬਣਾਇਆ ਜਾਵੇਗਾ।ਨਸ਼ਿਆਂ ਦੇ ਖਾਤਮੇ ਦੇ ਯਤਨਾਂ ਦਾ ਸਮਰਥਨ ਕਰਨ ਲਈ ਸਿਵਲ ਸੋਸਾਇਟੀ, ਉਦਯੋਗ, ਵਿਦਿਅਕ ਸੰਸਥਾਵਾਂ, ਗੈਰ ਸਰਕਾਰੀ ਸੰਗਠਨਾਂ ਅਤੇ ਹੋਰਾਂ ਦੇ ਸਹਿਯੋਗ ਨਾਲ, ਨਸ਼ਿਆਂ ਵਿਰੁੱਧ ਇੱਕ ਜਨਤਕ ਜਾਗਰੂਕਤਾ ਮੁਹਿੰਮ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਲਈ ਵਿਸ਼ਾਲ ਮੈਰਾਥਨ ਦਾ ਆਯੋਜਨ ਕਰਨ ਤੋਂ ਇਲਾਵਾ ਥਇਏਟਰਾਂ ਜਾਂ ਸੋਸ਼ਲ ਮੀਡੀਆ ਵਿੱਚ ਛੋਟੀਆਂ ਵੀਡੀਓ ਕਲਿੱਪਾਂ, ਕੰਧ ਚਿੱਤਰਾਂ, ਸਕੂਲ ਵਿੱਚ ਰੋਜ਼ਾਨਾ ਨਸ਼ਿਆਂ ਵਿਰੁੱਧ ਪੰਜ ਮਿੰਟ ਦਾ ਭਾਸ਼ਣ ਆਦਿ ਨੂੰ ਲੋਕ ਲਹਿਰ ਬਣਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਜਾਂ ਤਾਂ ਨਸ਼ਾ ਤਸਕਰ ਆਤਮ ਸਮਰਪਣ ਕਰ ਦੇਣ ਨਹੀਂ ਤਾਂ ਗੰਭੀਰ ਨਤੀਜੇਂ ਭੁਗਤਣ ਲਈ ਤਿਆਰ ਰਹਿਣ ਕਿਉਂਕਿ ‘ਆਪ’ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਫਤਿਹ ਹਾਸਲ ਕਰਨ ਤੱਕ ਚੈਨ ਨਾਲ ਨਹੀਂ ਬੈਠੇਗੀ।


 
									 
					 
