ਜਲੰਧਰ, 6 ਅਗਸਤ : ਪਾਣੀ ਅਤੇ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਹਾਟਸਪਾਟਸ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਉਥੇ ਲੋੜੀਂਦੇ ਉਪਾਅ ਕੀਤੇ ਜਾ ਸਕਣ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਬਹੁ-ਵਿਭਾਗੀ ਬਿਹਤਰ ਤਾਲਮੇਲ ਵਾਲੀ ਪਹੁੰਚ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਖਾਸ ਕਰ ਉਨ੍ਹਾਂ ਇਲਾਕਿਆਂ ਵਿੱਚ ਜਿੱਥੇ ਅਜਿਹੀਆਂ ਬਿਮਾਰੀਆਂ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ। ਉਨ੍ਹਾਂ ਬਿਮਾਰੀ ਦੇ ਸੰਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਦੇ ਨਾਲ-ਨਾਲ ਪਹੁੰਚਯੋਗ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਵੀ ਦੁਹਰਾਈ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕਰਨ ਅਤੇ ਬਿਮਾਰੀ ਫੈਲਣ ਦੀ ਸੂਰਤ ਵਿੱਚ ਇਸ ਦੇ ਢੁੱਕਵੇਂ ਪ੍ਰਬੰਧਨ ਲਈ ਬਹੁ-ਪੱਖੀ ਰਣਨੀਤੀ ਅਪਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਅਤੇ ਸਿਵਲ ਸਰਜਨ ਡਾ. ਗੁਰਮੀਤ ਲਾਲ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਾ. ਅਗਰਵਾਲ ਨੇ 2 ਅਕਤੂਬਰ ਨੂੰ ਸ਼ੁਰੂ ਹੋਣ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਜ਼ਿਲ੍ਹੇ ਵਿੱਚ ਸ਼ੁਰੂਆਤ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਇਸ ਯੋਜਨਾ ਨੂੰ ਸਫ਼ਲਤਾ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਵਿਭਾਗਾਂ ਵਿੱਚ ਸੁਚਾਰੂ ਤਾਲਮੇਲ ’ਤੇ ਜ਼ੋਰ ਦਿੱਤਾ।ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਵਿਅਕਤੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਬਿਹਤਰੀ ਲਈ ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਯੋਗਾ ਸੈਸ਼ਨ ਸ਼ੁਰੂ ਕਰਨ ਲਈ ਵੀ ਕਿਹਾ।ਇਸ ਤੋਂ ਇਲਾਵਾ ਜ਼ਮੀਨੀ ਪੱਧਰ ‘ਤੇ ਸਿਹਤ ਸੇਵਾਵਾਂ ਦੀ ਉਪਲਬਧਾ ਵਧਾਉਣ ਲਈ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਿਹਤ ਕੇਂਦਰਾਂ ਵਿੱਚ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ਦਾ ਡੂੰਘਾਈ ਨਾਲ ਮੁਲਾਂਕਣ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਸਾਰੇ ਭਾਗੀਦਾਰਾਂ ਨੂੰ ਅਪੀਲ ਕੀਤੀ ਕਿ ਜਲੰਧਰ ਨੂੰ ਸਿਹਤ ਸੇਵਾਵਾਂ ਅਤੇ ਰੋਗ ਰੋਕਥਾਮ ਵਿੱਚ ਮਾਡਲ ਜ਼ਿਲ੍ਹਾ ਬਣਾਉਣ ਲਈ ਸਰਗਰਮੀ ਨਾਲ ਕੰਮ ਕਰਨ।