ਜਲੰਧਰ, 9 ਅਗਸਤ : ਸਕੂਲੀ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਨਿਵੇਕਲੀ ਪਹਿਲ ਕਰਦਿਆਂ ‘ਚੇਤਨਾ ਵਿੱਦਿਅਕ ਟੂਰ ਪ੍ਰੋਗਰਾਮ’ ਉਲੀਕਿਆ ਗਿਆ ਹੈ, ਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਵਿਭਾਗਾਂ/ਦਫ਼ਤਰਾਂ ਦੀ ਕਾਰਜਵਿਧੀ ਨੂੰ ਨੇੜਿਓਂ ਦੇਖਣ, ਸਮਝਣ ਅਤੇ ਤਜ਼ੁਰਬਾ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ‘ਚੇਤਨਾ ਵਿੱਦਿਅਕ ਟੂਰ ਪ੍ਰੋਗਰਾਮ’ ਦੀ ਸ਼ੁਰੂਆਤ 22 ਅਗਸਤ ਤੋਂ ਕੀਤੀ ਜਾ ਰਹੀ ਹੈ, ਜਿਸ ਤਹਿਤ ਹਰ ਹਫ਼ਤੇ ਸ਼ੁੱਕਰਵਾਰ ਨੂੰ 25-25 ਦੇ 6 ਬੈਚਾ ਵਿੱਚ ਕੁੱਲ 150 ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰ ਦਾ ਦੌਰਾ ਕਰਵਾਇਆ ਜਾਵੇਗਾ।
ਡਾ. ਅਗਰਵਾਲ ਨੇ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਸਕੂਲੀ ਵਿਦਿਆਰਥੀਆਂ ਨੂੰ ਸਰਕਾਰੀ ਪ੍ਰਕਿਰਿਆ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਭਵਿੱਖ ਵਿੱਚ ਜਦੋਂ ਵੀ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਸਰਕਾਰੀ ਕੰਮਾਂ ਲਈ ਕਿਸੇ ਦਫ਼ਤਰ ਵਿੱਚ ਜਾਣਾ ਪਵੇ, ਤਾਂ ਉਨ੍ਹਾਂ ਨੂੰ ਪ੍ਰਕਿਰਿਆ ਬਾਰੇ ਪੂਰਾ ਗਿਆਨ ਹੋਵੇ ਅਤੇ ਉਹ ਆਪਣੇ ਕੰਮ ਬਿਨਾਂ ਕਿਸੇ ਰੁਕਾਵਟ ਦੇ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸੇਵਾ ਕੇਂਦਰ, ਸਬ ਰਜਿਸਟਰਾਰ ਦਫ਼ਤਰ, ਨਗਰ ਨਿਗਮ, ਪੁਲਿਸ ਥਾਣਾ, ਸਾਂਝ ਕੇਂਦਰ, ਅਦਾਲਤ, ਆਰ.ਟੀ.ਓ. ਦਫ਼ਤਰ, ਬੈਂਕ ਸਮੇਤ ਵੱਖ-ਵੱਖ ਸਰਕਾਰੀ ਦਫ਼ਤਰ ਵਿੱਚ ਲਿਜਾਇਆ ਜਾਵੇਗਾ, ਜਿਥੇ ਦਫ਼ਤਰਾਂ ਦੀ ਕੰਮਕਾਜੀ ਪ੍ਰਕਿਰਿਆ, ਦਸਤਾਵੇਜੀ ਕਾਰਜ ਅਤੇ ਆਨਲਾਈਨ ਸੇਵਾਵਾਂ ਬਾਰੇ ਉਹ ਵਿਸਥਾਰ ਨਾਲ ਜਾਣੂ ਹੋ ਸਕਣਗੇ।ਡਿਪਟੀ ਕਮਿਸ਼ਨਰ ਨੇ ਸਕੱਤਰ ਰੈਡ ਕਰਾਸ ਸੁਸਾਇਟੀ ਨੂੰ ਇਸ ਸਬੰਧੀ ਸਬੰਧਤ ਵਿਭਾਗਾਂ ਅਤੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨਾਲ ਅਗਾਊਂ ਹੀ ਤਾਲਮੇਲ ਸਥਾਪਤ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਅਤੇ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਦਫ਼ਤਰੀ ਕਾਰਜ਼ੈਲੀ ਬਾਰੇ ਸਿੱਖਿਅਤ ਕਰਨ ਵਿੱਚ ਸਰਗਰਮ ਸਹਿਯੋਗ ਦੇਣ ਲਈ ਕਿਹਾ।ਇਸ ਤੋਂ ਪਹਿਲਾਂ ਇਕ ਹੋਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਚੇਤਨਾ ਪ੍ਰਾਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ 14 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ‘ਬੇਸਿਕ ਲਾਈਫ਼ ਸੇਵਿੰਗ ਸਕਿੱਲ’ ਦੀ ਸਿਖ਼ਲਾਈ ਪ੍ਰਦਾਨ ਕੀਤੀ ਜਾਵੇਗੀ।
ਡਾ. ਅਗਰਵਾਲ ਨੇ ਕਿਹਾ ਕਿ ਇਸ ਪਹਿਲ ਦਾ ਮਕਸਦ ਵਿਦਿਆਰਥੀਆਂ ਨੂੰ ਸਿਹਤ ਐਮਰਜੈਂਸੀ ਅਤੇ ਦੁਰਘਟਨਾ ਦੌਰਾਨ ਡਾਕਟਰ ਕੋਲ ਪਹੁੰਚਣ ਤੋਂ ਪਹਿਲਾਂ ਮਰੀਜ਼/ਜ਼ਖਮੀ ਦੀ ਜਾਨ ਕਿਵੇਂ ਬਚਾਈ ਜਾ ਸਕਦੀ ਹੈ, ਦੇ ਢੰਗ-ਤਰੀਕਿਆਂ ਬਾਰੇ ਸਿਖ਼ਲਾਈ ਦੇਣਾ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 10ਵੀਂ, 11 ਵੀਂ, 12ਵੀਂ ਦੇ ਵਿਦਿਆਰਥੀਆਂ ਤੋਂ ਇਲਾਵਾ ਯੂਨੀਵਰਸਿਟੀਜ਼, ਕਾਲਜਾਂ, ਆਈ.ਟੀ.ਆਈਜ਼ ਅਤੇ ਪੋਲੀਟੈਕਨਿਕ ਆਦਿ ਦੇ ਵਿਦਿਆਰਥੀਆਂ ਨੂੰ ਮਾਹਰਾਂ ਵੱਲੋਂ ਟ੍ਰੇਨਿੰਗ ਪ੍ਰਦਾਨ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਚੇਤਨਾ ਪ੍ਰਾਜੈਕਟ ਤਹਿਤ ਪ੍ਰਸ਼ਾਸਨ ਵੱਲੋਂ ਪਹਿਲਾਂ ਵੀ ਵਿਦਿਆਰਥੀਆਂ ਨੂੰ ਇਹ ਟ੍ਰੇਨਿੰਗ ਸਫ਼ਲਤਾਪੂਰਵਕ ਕਰਵਾਈ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਸ਼ਾਮਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ।ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਭੋਗਲ, ਏ.ਆਰ.ਟੀ.ਓ. ਵਿਸ਼ਾਲ ਗੋਇਲ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਐਲ.ਡੀ.ਐਮ. ਐਮ.ਐਸ. ਮੋਤੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।——-