ਜਲੰਧਰ, 9 ਅਗਸਤ : ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਬਲਬੀਰ ਰਾਜ ਸਿੰਘ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਕੱਤਰ ਆਰ.ਟੀ.ਏ. ਨੇ ਕਿਹਾ ਕਿ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਾਲਿਸੀ ਲਾਗੂ ਕਰਨ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਰਿਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਡਾ. ਗੁਰਿੰਦਰਜੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ ਵੀ ਮੌਜੂਦ ਸਨ।
ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਨੇ ਸਕੂਲਾਂ ਦੇ ਪ੍ਰਿੰਸੀਪਲਾਂ/ਨਮਾਇੰਦਿਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਪਾਲਿਸੀ ਦੇ ਮਾਪਦੰਡ ਅਨੁਸਾਰ ਇਹ ਲਾਜ਼ਮੀ ਹੈ ਕਿ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣ, ਅੱਗ ਬੁਝਾਊ ਯੰਤਰ ਹੋਵੇ, ਡਰਾਈਵਰ, ਅਟੈਂਡੈਂਟ ਅਤੇ ਸਟਾਫ਼ ਦੇ ਵਰਦੀ ਪਾਈ ਹੋਵੇ, ਪ੍ਰਦੂਸ਼ਣ ਕੰਟਰੋਲ ਕਲੀਅਰੈਂਸ, ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸੰਪਰਕ ਨੰਬਰ, ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਲੱਗਾ ਹੋਵੇ, ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਲਈ ਮਹਿਲਾ ਅਟੈਂਡੈਂਟ ਹੋਣਾ ਲਾਜ਼ਮੀ, ਫਸਟ ਏਡ ਕਿੱਟਾਂ ਅਤੇ ਨਾਲ ਹੀ ਬੱਸਾਂ ਨੂੰ ਓਵਰਲੋਡ ਨਾ ਕੀਤਾ ਜਾਣਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਵਾਹਨ ਵਿੱਚ ਸਮਰੱਥਾ ਤੋਂ ਜ਼ਿਆਦਾ ਬੱਚੇ ਨਹੀਂ ਹੋਣੇ ਚਾਹੀਦੇ, ਸਕੂਲੀ ਵਾਹਨ ’ਤੇ ਸਕੂਲ ਦਾ ਨਾਂ ਅੱਗੇ ਅਤੇ ਪਿੱਛੇ ਦੋਵੇਂ ਸਾਈਡਾਂ ’ਤੇ ਅਤੇ ਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਅਤੇ ਜੇਕਰ ਸਕੂਲੀ ਵਾਹਨ ਕਿਰਾਏ ’ਤੇ ਹੈ ਤਾਂ ਉਸ ਉੱਪਰ ਆਨ ਡਿਊਟੀ ਲਿਖਿਆ ਹੋਣਾ ਚਾਹੀਦਾ ਹੈ।
ਸਕੱਤਰ ਆਰ.ਟੀ.ਏ. ਨੇ ਮੀਟਿੰਗ ਵਿਚ ਹਾਜ਼ਰ ਸਕੂਲ ਮੁਖੀਆਂ ਨੂੰ ਜਲਦ ਤੋਂ ਜਲਦ ਆਪਣੇ ਸਕੂਲਾਂ ਦੀਆਂ ਸਾਰੀਆਂ ਸਕੂਲ ਬੱਸਾਂ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਅਨੁਸਾਰ ਅੱਪਡੇਟ ਕਰਨ ਦੀ ਅਪੀਲ ਕੀਤੀ, ਤਾਂ ਜੋ ਨੇੜ ਭਵਿੱਖ ਵਿੱਚ ਕਾਰਵਾਈ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ, ਜਿਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਬੱਸ ਓਪਰੇਟਰਾਂ ਨੂੰ ਵੀ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।ਮੀਟਿੰਗ ਵਿੱਚ ਏ.ਆਰ.ਟੀ.ਓ. ਵਿਸ਼ਾਲ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਵੱਡੀ ਗਿਣਤੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਨਮਾਇੰਦੇ ਮੌਜੂਦ ਸਨ।