ਜਲੰਧਰ, 12 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਜਨਤਾ ਦੀ ਸਰਗਰਮ ਭਾਗੀਦਾਰੀ ਸ਼ਲਾਘਾਯੋਗ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਤਾ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਵਟਸਐਪ ਨੰਬਰ ਰਾਹੀਂ ਮਿਲੀਆਂ ਜਾਣਕਾਰੀਆਂ ‘ਤੇ ਕਾਰਵਾਈ ਕਰਦਿਆਂ ਹੁਣ ਤੱਕ 5000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ ਨਸ਼ਿਆਂ ਦੇ ਖ਼ਿਲਾਫ਼ ਯੁੱਧ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਮੋਹਿੰਦਰ ਭਗਤ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਸਿਰਫ਼ ਨੌਜਵਾਨਾਂ ਦਾ ਭਵਿੱਖ ਹੀ ਨਹੀਂ ਖੋਹਿਆ, ਸਗੋਂ ਪਰਿਵਾਰਾਂ ਅਤੇ ਸਮਾਜ ਦੇ ਸੁਖ-ਚੈਨ ਨੂੰ ਵੀ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਚੁਣੌਤੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ, ਪੁਲਿਸ ਅਤੇ ਜਨਤਾ ਤਿੰਨਾਂ ਨੂੰ ਇੱਕਸਾਰ ਹੋ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਨੰਬਰ ਰਾਹੀਂ ਲੋਕਾਂ ਨੂੰ ਸਿੱਧੇ ਤੌਰ ‘ਤੇ ਪੁਲਿਸ ਨੂੰ ਨਸ਼ਿਆਂ ਸੰਬੰਧੀ ਜਾਣਕਾਰੀ ਦੇਣ ਦੀ ਸਹੂਲਤ ਦਿੱਤੀ ਗਈ ਹੈ, ਜਿਸ ਨਾਲ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾ ਰਹੀ ਹੈ।
ਇਹ ਪ੍ਰਣਾਲੀ ਲੋਕਾਂ ਵਿੱਚ ਭਰੋਸਾ ਪੈਦਾ ਕਰਨ ਵਿੱਚ ਕਾਮਯਾਬ ਹੋਈ ਹੈ ਅਤੇ ਇਸੇ ਕਰਕੇ ਵੱਡੀ ਗਿਣਤੀ ਵਿੱਚ ਲੋਕ ਅੱਗੇ ਆ ਰਹੇ ਹਨ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਇਸ ਯੁੱਧ ਵਿੱਚ ਕਿਸੇ ਵੀ ਕਿਸਮ ਦਾ ਦਬਾਅ ਜਾਂ ਰਾਜਨੀਤਿਕ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਲੇ ਧੰਦੇ ਵਿੱਚ ਲਿਪਤ ਚਾਹੇ ਕੋਈ ਵੀ ਹੋਵੇ, ਕਾਨੂੰਨ ਸਭ ਲਈ ਇੱਕਸਾਰ ਹੈ ਅਤੇ ਕਾਰਵਾਈ ਨਿਰਪੱਖ ਹੋਵੇਗੀ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਵਟਸਐਪ ਨੰਬਰ 9779100200 ‘ਤੇ ਨਸ਼ਿਆਂ ਸੰਬੰਧੀ ਜਾਣਕਾਰੀ ਸਾਂਝੀ ਕਰਕੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਜੜ ਤੋਂ ਖ਼ਾਤਮਾ ਕਰਨਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ। ਜਦੋਂ ਅਸੀਂ ਮਿਲ ਕੇ ਕੰਮ ਕਰਾਂਗੇ ਤਾਂ ਹੀ ਸਾਡੀ ਧਰਤੀ ਦਾ ਭਵਿੱਖ ਨਸ਼ਾ-ਮੁਕਤ ਅਤੇ ਸੁਨਹਿਰਾ ਬਣੇਗਾ।——–