ਈਸੜੂ, ਖੰਨਾ (ਲੁਧਿਆਣਾ), 15 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਐਸ.ਐਸ.ਪੀ ਡਾ. ਜੋਤੀ ਯਾਦਵ ਬੈਂਸ, ਏ.ਡੀ.ਸੀਜ਼ ਅਮਰਜੀਤ ਬੈਂਸ ਅਤੇ ਸ਼ਿਖਾ ਭਗਤ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਪ੍ਰਗਤੀ ਰਾਣੀ ਆਈ.ਏ.ਐਸ, ਐਸ.ਡੀ.ਐਮ ਬਜਿੰਦਰ ਸਿੰਘ ਢਿੱਲੋਂ ਅਤੇ ਹੋਰ ਮੌਜੂਦ ਸਨ।ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ, ਬਲਵਿੰਦਰ ਕੌਰ, ਜਸਵਿੰਦਰ ਕੌਰ, ਨਰਿੰਦਰ ਕੌਰ ਅਤੇ ਭਾਣਜੀ ਨਿਰਮਲ ਕੌਰ ਨੂੰ ਸਨਮਾਨਿਤ ਕੀਤਾ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਿੱਖ ਗੁਰੂਆਂ ਖਾਸ ਕਰਕੇ ਸ੍ਰੀ ਗੁਰੂ ਅਰਜੁਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਵਿਰਾਸਤ ਵਿੱਚ ਮਿਲੀ ਕੁਰਬਾਨੀ ਦੀ ਵਿਰਾਸਤ ‘ਤੇ ਚਾਨਣਾ ਪਾਇਆ ਜੋ ਮਨੁੱਖਤਾ ਦੀ ਖ਼ਾਤਰ ਮੁਗਲ ਜ਼ੁਲਮ ਦੇ ਵਿਰੁੱਧ ਖੜ੍ਹੇ ਸਨ। ਉਨ੍ਹਾਂ ਕਿਹਾ ਕਿ ਸਵੈ-ਬਲੀਦਾਨ ਦੀ ਇਹ ਭਾਵਨਾ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨਾਂ ਪਿੱਛੇ ਇੱਕ ਪ੍ਰੇਰਕ ਸ਼ਕਤੀ ਰਹੀ ਹੈ। ਉਨ੍ਹਾਂ ਸ਼ਹੀਦ ਭਗਤ ਸਿੰਘ, ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਵਰਗੇ ਮਹਾਨ ਸ਼ਖ਼ਸੀਅਤਾਂ ਦੀਆਂ ਕੁਰਬਾਨੀਆਂ ਦਾ ਹਵਾਲਾ ਦਿੰਦਿਆ ਨੌਜਵਾਨ ਪੀੜ੍ਹੀਆਂ ਵਿੱਚ ਦੇਸ਼ ਭਗਤੀ ਲਈ ਉਨ੍ਹਾਂ ਦੀ ਸਥਾਈ ਪ੍ਰੇਰਨਾ ‘ਤੇ ਜ਼ੋਰ ਦਿੱਤਾ।ਅਮਨ ਅਰੋੜਾ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਪਰਿਵਰਤਨਸ਼ੀਲ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਸਕੂਲ ਆਫ਼ ਐਮੀਨੈਂਸ, ਆਉਣ ਵਾਲੇ ਸਮੇਂ ਵਿੱਚ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਸੰਭਾਲ ਯੋਜਨਾ, ਅਤੇ 90 ਪ੍ਰਤੀਸ਼ਤ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਦੇ ਕੰਮ ਸ਼ਾਮਲ ਹਨ।
ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਪੰਜਾਬ ਵਿੱਚ ਨਸ਼ਿਆਂ ਦੇ ਖਤਰੇ ਨੂੰ ਨਜ਼ਰਅੰਦਾਜ਼ ਕਰਨ ਲਈ ਆਲੋਚਨਾ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਈਸੜੂ ਵਿੱਚ ਵਿਕਾਸ ਪ੍ਰੋਜੈਕਟਾਂ ‘ਤੇ ਚਾਨਣਾ ਪਾਇਆ, ਜਿਸ ਵਿੱਚ ਇੱਕ ਆਮ ਆਦਮੀ ਕਲੀਨਿਕ, ਇੱਕ ਲਾਇਬ੍ਰੇਰੀ, ਪਿੰਡ ਵਿੱਚ ਇੱਕ ਨਵਾਂ ਪੰਚਾਇਤ ਘਰ ਅਤੇ 10 ਕਰੋੜ ਰੁਪਏ ਦੇ ਹੋਰ ਉਪਰਾਲੇ ਸ਼ਾਮਲ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਦੇ ਵਿਕਾਸ ਲਈ ਫੰਡ ਜਾਰੀ ਰਹਿਣਗੇ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ।ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਦਰਸ਼ਨ ਸਿੰਘ ਕੂਹਲੀ, ਵਾਈਸ ਚੇਅਰਮੈਨ ਹਰਜੀਤ ਸਿੰਘ ਮਾਂਗਟ, ਹਲਕਾ ਖੰਨਾ ਦੇ ਕਿਸਾਨ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਲਿਬੜਾ, ਲਖਵੀਰ ਸਿੰਘ (ਕਾਲਾ), ਕੀਮਤੀ ਲਾਲ, ਕਾਰਜ ਸਾਧਕ ਅਫਸਰ ਚਰਨਜੀਤ ਸਿੰਘ, ਤਹਿਸੀਲਦਾਰ ਕਿਰਨਦੀਪ ਕੌਰ ਜੌਹਲ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਬੀ.ਡੀ.ਪੀ.ਓ ਖੰਨਾ ਗੁਰਪ੍ਰੀਤ ਸਿੰਘ, ਸਰਪੰਚ ਜਤਿੰਦਰਜੋਤ ਸਿੰਘ ਈਸੜੂ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।