ਜਲੰਧਰ, 17 ਅਗਸਤ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਨੂੰ ਬਰਲਟਨ ਪਾਰਕ ਦਾ ਦੌਰਾ ਕਰਕੇ ਇਥੇ ਬਣਨ ਵਾਲੇ ਸਪੋਰਟਸ ਹੱਬ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਰਾਜ ਸਭਾ ਮੈਂਬਰ ਹਰਭਜਨ ਸਿੰਘ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਸੀਨੀਅਰ ਆਪ ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ ਅਤੇ ਦਿਨੇਸ਼ ਢੱਲ ਵੀ ਮੌਜੂਦ ਸਨ।
ਸਪੋਰਟਸ ਹੱਬ ਨੂੰ ਇੱਕ ਮਿਸਾਲੀ ਪਹਿਲਕਦਮੀ ਦੱਸਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਖੇਡਾਂ ਦੇ ਖੇਤਰ ਵਿੱਚ ਲਗਾਉਣਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਖੇਡ ਸਹੂਲਤਾਂ ਅਤੇ ਖੇਡ ਮੈਦਾਨਾਂ ਦੇ ਨਿਰਮਾਣ ਲਈ ਇੱਕ ਰਾਜ ਵਿਆਪੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਉਨ੍ਹਾਂ ਇਸ ਗੱਲ ਜ਼ੋਰ ਦਿੱਤਾ ਕਿ ਇਹ ਪ੍ਰਾਜੈਕਟ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਨਸ਼ਿਆਂ ਨੂੰ ਖਤਮ ਕਰਨ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗਾ।ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਬਰਲਟਨ ਪਾਰਕ ਸਪੋਰਟਸ ਹੱਬ, ਜੋ ਕਿ 78 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਵਿਕਸਤ ਕੀਤਾ ਜਾ ਰਿਹਾ ਹੈ, ਦੇਸ਼ ਦਾ ਆਪਣੀ ਤਰ੍ਹਾਂ ਦਾ ਪਹਿਲਾ ਖੇਡ ਕੰਪਲੈਕਸ ਹੋਵੇਗਾ। ਬਰਲਟਨ ਪਾਰਕ ਨੂੰ ਦੋਆਬੇ ਦਾ ਵੱਡਾ ਖੇਡ ਕੇਂਦਰ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਹਜ਼ਾਰਾਂ ਲੋਕਾਂ ਨੂੰ ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਮੌਕਾ ਪ੍ਰਦਾਨ ਕਰੇਗਾ।
ਨਗਰ ਨਿਗਮ ਜਲੰਧਰ ਨੂੰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਇਸ ਪ੍ਰਾਜੈਕਟ ਨੂੰ ਅਣਗੌਲਿਆ ਕਰਨ ਲਈ ਆਲੋਚਨਾ ਕੀਤੀ, ਜਿਸ ਕਾਰਨ ਇਸ ਵਿੱਚ ਬਹੁਤ ਜ਼ਿਆਦਾ ਦੇਰੀ ਹੋਈ।ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੀ ਅਮੀਰ ਖੇਡ ਵਿਰਾਸਤ ਦਾ ਜ਼ਿਕਰ ਕਰਦਿਆਂ ਇਸ ਪਹਿਲਕਦਮੀ ਨੂੰ ਪੂਰੇ ਦੋਆਬਾ ਖੇਤਰ ਲਈ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਬਰਲਟਨ ਪਾਰਕ ਤੋਂ ਆਪਣੇ ਕ੍ਰਿਕਟ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਸੀ, ਜਿਸ ਕਾਰਨ ਇਹ ਸਥਾਨ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ।ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਬਰਲਟਨ ਪਾਰਕ ਨੂੰ ਦੇਸ਼ ਦੇ ਕਈ ਪ੍ਰਸਿੱਧ ਕ੍ਰਿਕਟਰਾਂ ਦੀ ਨਰਸਰੀ ਕਰਾਰ ਦਿੱਤਾ। ਉਨ੍ਹਾਂ ਨੇ ਇਸ ਖੇਡ ਹੱਬ ਪ੍ਰਾਜੈਕਟ ਨੂੰ ਮੁੜ ਸੁਰਜੀਤ ਕਰਨ ਦੀ ਪਹਿਲ ਲਈ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।ਮੇਅਰ ਵਿਨੀਤ ਧੀਰ ਨੇ ਆਏ ਹੋਏ ਪਤਵੰਤਿਆਂ ਨੂੰ ਭਰੋਸਾ ਦਿੱਤਾ ਕਿ ਇਹ ਪ੍ਰਾਜੈਕਟ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਪ੍ਰਾਜੈਕਟ ਦੀ ਗਤੀ ਨੂੰ ਬਣਾਈ ਰੱਖਣ ਅਤੇ ਮਿੱਥੇ ਸਮੇਂ ਅਨੁਸਾਰ ਪੂਰਾ ਕਰਨ ਲਈ ਪ੍ਰਗਤੀ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਅਤੇ ਨਿਯਮਿਤ ਸਮੀਖਿਆਵਾਂ ਕਰਨ ਲਈ ਵਚਨਬੱਧਤਾ ਪ੍ਰਗਟਾਈ।ਇਸ ਮੌਕੇ ਜਲੰਧਰ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ, ਠੇਕੇਦਾਰਾਂ ਦੇ ਨੁਮਾਇੰਦੇ ਵੀ ਮੌਜੂਦ ਸਨ।