ਖੰਨਾ, (ਲੁਧਿਆਣਾ), 17 ਅਗਸਤ:ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿੱਚ ਖੱਟੜਾ ਪਟੈਟੋ ਗਰੁੱਪ ਵੱਲੋਂ ਵੱਡਾ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਨੇ ਕਿਸਾਨ ਮੇਲੇ ਵਿੱਚ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੱਟੜਾ ਪਟੈਟੋ ਗਰੁੱਪ ਦਾ ਇਹ ਬਹੁਤ ਵੱਡਾ ਉਪਰਾਲਾ ਹੈ ਜਿਸ ਲਈ ਇਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਆਲੂ ਦੀ ਫ਼ਸਲ ਇੱਕ ਬਹੁਤ ਵਧੀਆ ਫ਼ਸਲ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇੱਥੇ ਮੇਲੇ ਵਿੱਚ ਕਈ ਅਜਿਹੇ ਨੌਜਵਾਨ ਮਿਲੇ ਹਨ ਜੋ ਪਹਿਲਾਂ ਵਿਦੇਸ਼ ਜਾਣ ਦੇ ਚਾਹਵਾਨ ਸਨ ਪਰ ਹੁਣ ਉਹਨਾਂ ਨੇ ਇੱਥੇ ਰਹਿ ਕੇ ਹੀ ਆਲੂ ਦੀ ਖੇਤੀ ਕਰਨ ਦਾ ਫੈਸਲਾ ਲਿਆ ਹੈ। ਸਾਡੀ ਨੌਜਵਾਨ ਕਿਸਾਨੀ ਆਲੂ ਦੀ ਫ਼ਸਲ ਲਈ ਉਤਸ਼ਾਹਿਤ ਨਜ਼ਰ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚੋ ਕਿਸਾਨ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੇ ਹੋਏ ਹਨ। ਫ਼ਸਲੀ ਚੱਕਰ ਵਿੱਚੋਂ ਬਾਹਰ ਨਿਕਲਣ ਲਈ ਜੋ ਵੀ ਕੋਈ ਉਪਰਾਲਾ ਕਰਦਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਉਸ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਰਹਿੰਦੀ ਹੈ। ਝੋਨੇ ਤੋਂ ਬਾਅਦ ਆਲੂ ਦੀ ਫ਼ਸਲ ਦਾ ਸੀਜ਼ਨ ਆਉਂਦਾ ਹੈ।
ਆਲੂ ਉਤਪਾਦਕ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਆਲੂ ਹਰੇਕ ਖਾਣ ਵਾਲੀਆਂ ਵਸਤੂਆਂ ਵਿੱਚ ਪਾਇਆ ਜਾਂਦਾ ਹੈ। ਸੋ ਕਿਸਾਨ ਵੀਰਾਂ ਨੂੰ ਆਲੂ ਦੇ ਉਤਪਾਦਨ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੀ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀਆਂ ਕੋਆਪਰੇਟਿਵ ਸੁਸਾਇਟੀਆ ਨੂੰ ਤਾਕਤਵਰ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਹਲਕਾ ਖੰਨਾ ਦੀ ਖੇਤੀਬਾੜੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਰਕਾਰ ਵੱਲੋਂ 1.5 ਕਰੋੜ ਰੁਪਏ ਦੇ ਖੇਤੀਬਾੜੀ ਸੰਦ ਖਰੀਦ ਕੇ ਖੇਤੀਬਾੜੀ ਸੁਸਾਇਟੀਆ ਨੂੰ ਮੁਹੱਈਆ ਕਰਵਾਏ ਗਏ ਹਨ।ਮੰਤਰੀ ਸੌਂਦ ਨੇ ਕਿਹਾ ਕਿ ਜੇਕਰ ਕਿਸੇ ਸਰਕਾਰ ਨੇ ਖੇਤੀਬਾੜੀ ਲਈ ਨਹਿਰੀ ਪਾਣੀ ‘ਤੇ ਕੰਮ ਕੀਤਾ ਹੈ ਤਾਂ ਉਹ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਨੇ ਪੰਜਾਬ ਵਿੱਚ ਸੱਤਾ ਸੰਭਾਲੀ ਸੀ ਉਦੋਂ ਖੇਤੀਬਾੜੀ ਲਈ ਨਹਿਰੀ ਪਾਣੀ ਕੇਵਲ 20 ਪ੍ਰਤੀਸ਼ਤ ਤੱਕ ਸੀਮਤ ਸੀ ਜਿਹੜਾ ਕਿ ਹੁਣ 60 ਪ੍ਰਤੀਸ਼ਤ ਤੱਕ ਪਹੁੰਚ ਚੁੱਕਾ ਹੈ।
ਸੌਂਦ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ 10800 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਨਾਲ ਸਿੰਚਾਈ ਯੋਗ ਕੀਤਾ ਗਿਆ ਹੈ। ਸੌਦ ਨੇ ਖੱਟੜਾ ਪਟੈਟੋ ਗਰੁੱਪ ਦੇ ਸਮੂਹ ਆਲੂ ਉਤਪਾਦਕਾਂ ਨੂੰ ਕਿਹਾ ਕਿ ਜੋ ਵੀ ਤੁਹਾਡੀਆਂ ਮੰਗਾਂ ਹਨ ਉਸ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਮਿਲਿਆ ਜਾਵੇਗਾ ਅਤੇ ਜਿਹੜੀਆਂ ਵੀ ਜਾਇਜ਼ ਮੰਗਾਂ ਹੋਣਗੀਆਂ ਉਨ੍ਹਾਂ ਨੂੰ ਪੂਰਾ ਕਰਨ ਦਾ ਯਤਨ ਕੀਤਾ ਜਾਵੇਗਾ। ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ ਨਾਲ ਸਬੰਧਤ ਸਮੁੱਚੀ ਮਿਸ਼ਨਰੀ ਦੀ ਪ੍ਰਦਰਸ਼ਨੀ ਲਗਾਈ ਗਈ ਸੀ। ਜਿਸ ਵਿੱਚ ਆਲੂ ਬੀਜਣ ਅਤੇ ਪੁੱਟਣ ਦੀ ਮਿਸ਼ਨਰੀ, ਆਲੂ ਦਾ ਮਿਆਰੀ ਬੀਜ ਉਤਪਾਦਨ ਕਰਨ ਲਈ ਪਟੈਟੋ ਬਰੀਡਰਾਂ ਦੀਆ ਸਟਾਲਾਂ ਅਤੇ ਰਸਾਇਣਕ ਉਤਪਾਦਾਂ ਦੀਆ ਸਟਾਲਾਂ ਦਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿਲਚਸਪੀ ਨਾਲ ਦੌਰਾ ਕੀਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਵੀ ਕਿਸਾਨ ਮੇਲੇ ਦੀ ਖੱਟੜਾ ਪਟੈਟੋ ਗਰੁੱਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਲੂ ਉਤਪਾਦਕਾਂ ਨੂੰ ਨਵੀਆਂ ਤਕਨੀਕਾਂ ਅਪਣਾਉਣ ਲਈ ਅਜਿਹੇ ਕਿਸਾਨ ਮੇਲਿਆਂ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਲੱਗਣ ਵਾਲੇ ਕਿਸਾਨ ਮੇਲੇ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ, ਖੇਤੀਬਾੜੀ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਖੇਤੀ ਉਤਪਾਦਾਂ ਸਬੰਧੀ ਸਕੀਮਾਂ ਤੋਂ ਵੱਧ ਤੋਂ ਵੱਧ ਲਾਭ ਉਠਾਓ। ਵਾਈਸ ਚਾਂਸਲਰ ਡਾ. ਗੋਸਲ ਦੇ ਨਾਲ ਆਲੂ ਉਤਪਾਦਨ ਸਬੰਧੀ ਮਾਹਿਰਾਂ ਦੀ ਸਮੁੱਚੀ ਟੀਮ ਵੀ ਮੌਜੂਦ ਸੀ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਹਲਕਾ ਖੰਨਾ ਦੇ ਕਿਸਾਨ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਲਿਬੜਾ, ਖੰਨਾ ਆੜਤੀਆ ਐਸੋਸੀਏਸ਼ਨ ਦੇ ਹਰਬੰਸ ਸਿੰਘ ਰੋਸ਼ਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਖੱਟੜਾ ਪਟੈਟੋ ਗਰੁੱਪ ਦੇ ਆਹੁਦੇਦਾਰ ਹੈਪੀ ਸੋਮਲ, ਗਗਨ ਸੇਖੋਂ, ਜਸਦੇਵ ਸਿੰਘ ਲਿਬੜਾ, ਬੀਰ ਸਿੰਘ, ਲਖਵੀਰ ਸਿੰਘ ਲੱਖਾ, ਕਰਨਵੀਰ ਗਿੱਲ, ਪ੍ਰਦੀਪ ਸਿੰਘ ਖਾਲਸਾ, ਬਲਜਿੰਦਰ ਖੋਹ, ਸਰਬਪ੍ਰੀਤ ਸਿੰਘ, ਦਲਜੀਤ ਸਿੰਘ ਬਾਬਾ, ਧਰਮਿੰਦਰ ਸਿੰਘ ਢਿੱਲੋਂ, ਦੀਪਾ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਸਨ।