ਅੰਮ੍ਰਿਤਸਰ- ਪਹਾੜੀ ਖੇਤਰਾਂ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਦਾ ਪਾਣੀ ਪੱਧਰ ਵੱਧ ਰਿਹਾ ਹੈ। ਰਾਵੀ ਦਰਿਆ ‘ਚ ਵੀ ਪਾਣੀ ਦਾ ਦਬਾਅ ਵਧਣ ਕਰਕੇ ਅੱਜ 1 ਲੱਖ 25 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਰਾਵੀ ਦਰਿਆ ਪਹੁੰਚੇ ਅਤੇ ਉਥੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਹੜ੍ਹਾਂ ਦੀ ਸਥਿਤੀ ਨੂੰ ਕੰਟਰੋਲ ਕਰਨ ਲਈ ਕੀਤੇ ਅਗਾਊ ਪ੍ਰਬੰਧਾਂ ਦੀ ਜਾਣਕਾਰੀ ਲਈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਨਿਪਟਣ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਪ੍ਰਸ਼ਾਸਨ ਪੂਰੀ ਚੌਕਸੀ ਨਾਲ ਕੰਮ ਕਰ ਰਿਹਾ ਹੈ।
ਧਾਲੀਵਾਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ, ਇਸ ਲਈ ਆਮ ਲੋਕ ਅਤੇ ਕਿਸਾਨ ਸਾਵਧਾਨ ਰਹਿਣ। ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਰਾਵੀ ਦਰਿਆ ਦੇ ਨੇੜੇ ਨਾ ਜਾਵੇ ਅਤੇ ਆਪਣੇ ਪਰਿਵਾਰਾਂ ਨੂੰ ਵੀ ਇਸ ਤੋਂ ਦੂਰ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਗੇ ਤਾਂ ਸੰਭਾਵੀ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
ਪ੍ਰਸ਼ਾਸਨ ਵੱਲੋਂ ਵੀ ਦਰਿਆ ਨੇੜੇ ਰਹਿਣ ਵਾਲੇ ਪਿੰਡਾਂ ਦੇ ਵਸਨੀਕਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਰਾਹਤ ਟੀਮਾਂ ਨੂੰ ਚੌਕਸ ਰੱਖਿਆ ਗਿਆ ਹੈ। ਧਾਲੀਵਾਲ ਨੇ ਕਿਹਾ ਕਿ ਹੜ੍ਹਾਂ ਨਾਲ ਸੰਭਾਵੀ ਸਥਿਤੀ ਨੂੰ ਸੰਭਾਲਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।