ਹੁਸ਼ਿਆਰਪੁਰ : ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ ਇੱਕ ਐੱਲ.ਪੀ.ਜੀ. ਗੈਸ ਨਾਲ ਭਰੇ ਟੈਂਕਰ ਦੇ ਫਟਣ ਨਾਲ ਇੱਕ ਵੱਡਾ ਅਤੇ ਦੁਖਦਾਈ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕੁਝ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ ਹਨ।
ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ।
ਪੰਜਾਬ ਸਰਕਾਰ ਨੇ ਇਸ ਦੁਖਦ ਘਟਨਾ ਦੇ ਪੀੜਤਾਂ ਲਈ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਜ਼ਖ਼ਮੀਆਂ ਦਾ ਇਲਾਜ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ।
ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ਅਤੇ ਅਜਿਹੇ ਸੰਵੇਦਨਸ਼ੀਲ ਵਾਹਨਾਂ ਦੀ ਆਵਾਜਾਈ ਦੇ ਮਾਮਲੇ ‘ਤੇ ਮੁੜ ਵਿਚਾਰ ਕਰਨ ਦੀ ਲੋੜ ਨੂੰ ਉਜਾਗਰ ਕੀਤਾ ਹੈ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਇਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।