ਬਰਨਾਲਾ, 24 ਅਗਸਤ 2025 : ਬਰਨਾਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਬੰਬੀਹਾ ਗੈਂਗ ਨਾਲ ਸਬੰਧਤ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਬਦਮਾਸ਼ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਇਨ੍ਹਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਨ੍ਹਾਂ ਨੇ ਪੁਲਿਸ ਨਾਕੇ ‘ਤੇ ਫਾਇਰਿੰਗ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਸੀਆਈਏ ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਬੰਬੀਹਾ ਗਰੁੱਪ ਦੇ ਕੁਝ ਅਨਸਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪਿੰਡ ਖੁਡੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ।ਪੁਲਿਸ ਨੇ ਇੱਕ ਵਰਨਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਤੋਂ ਬਾਅਦ ਕਾਰ ਵਿੱਚ ਸਵਾਰ ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਸ਼ਰਮ ਸਿੰਘ ਅਤੇ ਦੀਪਕ ਸਿੰਘ ਨੇ ਪੁਲਿਸ ਟੀਮ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾ ਦਿੱਤੀ।
ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਚਾਰਾਂ ਦੋਸ਼ੀਆਂ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ।ਪੁਲਿਸ ਨੇ ਦੋਸ਼ੀਆਂ ਕੋਲੋਂ ਇੱਕ ਜਗਾਨਾ ਪਿਸਤੌਲ, ਇੱਕ ਦੇਸੀ 30 ਬੋਰ ਪਿਸਤੌਲ, ਇੱਕ ਜ਼ਿੰਦਾ ਕਾਰਤੂਸ, ਇੱਕ ਖੋਖਾ ਕਾਰਤੂਸ, ਦੋ ਪਿਸਤੌਲ 32 ਬੋਰ ਦੇਸੀ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ, ਉਹਨਾਂ ਦੀ ਵਰਨਾ ਕਾਰ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ।ਐਸਐਸਪੀ ਨੇ ਦੱਸਿਆ ਕਿ ਮੁੱਖ ਦੋਸ਼ੀ ਸਤਨਾਮ ਸਿੰਘ ਸੱਤੀ, ਜੋ ਕਿ ਬਰਨਾਲਾ ਦਾ ਰਹਿਣ ਵਾਲਾ ਹੈ, ਖਿਲਾਫ ਪਹਿਲਾਂ ਵੀ 22 ਤੋਂ ਵੱਧ ਨਸ਼ਾ ਅਤੇ ਅਪਰਾਧ ਨਾਲ ਸਬੰਧਤ ਮਾਮਲੇ ਦਰਜ ਹਨ। ਇਸ ਤੋਂ ਇਲਾਵਾ, ਇੱਕ ਦੋਸ਼ੀ ਹਰਿਆਣਾ ਅਤੇ ਇੱਕ ਦਿੱਲੀ ਦਾ ਰਹਿਣ ਵਾਲਾ ਹੈ, ਜਿਨ੍ਹਾਂ ਵਿੱਚੋਂ ਦਿੱਲੀ ਦੇ ਸ਼ਰਮ ਸਿੰਘ ਉਰਫ਼ ਰਿੰਕੂ ਖਿਲਾਫ ਵੀ ਪਹਿਲਾਂ ਕੇਸ ਦਰਜ ਹੈ।ਐਸਐਸਪੀ ਨੇ ਦੱਸਿਆ ਕਿ ਇਹ ਗੈਂਗ ਲੁੱਟ-ਖਸੁੱਟ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਸਾਰੇ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ।


