ਚੰਡੀਗੜ੍ਹ, 25 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬੀਜੇਪੀ ‘ਤੇ ਰਾਸ਼ਨ ਚੋਰੀ ਕਰਨ ਦੀ ਕੋਸ਼ਿਸ਼ ਦਾ ਗੰਭੀਰ ਦੋਸ਼ ਲਾਇਆ ਹੈ। ਇੱਕ ਸੰਦੇਸ਼ ਰਾਹੀਂ ਉਨ੍ਹਾਂ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਸਰਕਾਰ ਦੀ ਇਸ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਗਰੀਬਾਂ ਦਾ ਰਾਸ਼ਨ ਹਰ ਹਾਲ ਵਿੱਚ ਉਨ੍ਹਾਂ ਤੱਕ ਪਹੁੰਚਾਉਣਾ ਯਕੀਨੀ ਬਣਾਏਗੀ।
ਉਨ੍ਹਾਂ ਕਿਹਾ ਕਿ ਪਹਿਲਾਂ ਜੁਲਾਈ ਮਹੀਨੇ ਪੰਜਾਬ ਦੇ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਕੇ, ਇਸ ਧੱਕੇ ਦੀ ਸ਼ੁਰੂਆਤ ਕੀਤੀ ਗਈ ਅਤੇ ਹੁਣ 30 ਸਤੰਬਰ ਤੋਂ 32 ਲੱਖ ਹੋਰ ਲੋਕਾਂ ਦੇ ਮੁਫ਼ਤ ਰਾਸ਼ਨ ਦੀ ਸਹੂਲਤ ਤੇ ਤਲਵਾਰ ਲਟਕਾਈ ਜਾ ਰਹੀ ਹੈ। ਇਸ ਤਰ੍ਹਾਂ ਕੁੱਲ 55 ਲੱਖ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਤੋਂ ਵਾਂਝਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸੂਬੇ ਵਿਚ ਹਰ ਹਰੇਕ ਤਿੰਨ ਪਰਿਵਾਰਾਂ ਪਿੱਛੇ ਇੱਕ ਦਾ ਰਾਸ਼ਨ ਕਾਰਡ ਕੱਟ ਕੇ 55 ਲੱਖ ਲੋਕਾਂ ਦੀਆਂ ਥਾਲੀਆਂ ਵਿੱਚੋਂ ਰੋਟੀ ਦਾ ਨਿਵਾਲਾ ਖੋਹਿਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਨੂੰ ਭਾਜਪਾ ਦੀ ਲੋਕ ਵਿਰੋਧੀ ਮਾਨਸਿਕਤਾ ਕਰਾਰ ਦਿੰਦੇ ਹੋਏ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਸ ਗੱਲ ਦੀ ਸਜ਼ਾ ਦੇਣੀ ਚਾਹੁੰਦੀ ਹੈ ਕਿ ਉਹ ਦਬਾਅ ਹੇਠ ਕਿਉਂ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਮੁਫਤ ਰਾਸ਼ਨ ਬੇਲੋੜੀਆਂ ਸ਼ਰਤਾਂ ਦੇ ਬਹਾਨੇ ਨਾਲ ਬੰਦ ਕਰਨ ਦੀ ਇਹ ਸਾਜਿਸ਼ ਕਦੇ ਵੀ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ।