ਬਲਜੀਤ ਸਿੰਘਪੱਟੀ, ਤਰਨ ਤਾਰਨ, 26 ਅਗਸਤ 2025 : – ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਭਾਖੜਾ ਅਤੇ ਪੌਂਗ ਡੈਮਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ਵਿੱਚ ਵੀ ਪਾਣੀ ਵੱਡੇ ਪੱਧਰ ‘ਤੇ ਵਧ ਗਿਆ ਹੈ। ਇਸ ਕਾਰਨ ਪ੍ਰਸ਼ਾਸਨ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੱਟੀ ਤੋਂ ਫਿਰੋਜ਼ਪੁਰ ਜਾਣ ਵਾਲਾ ਰਸਤਾ ਬੰਦ ਕਰ ਦਿੱਤਾ ਹੈ, ਜਿਸ ਵਿੱਚ ਦਰਿਆ ‘ਤੇ ਬਣਿਆ ਨਵਾਂ ਪੁਲ ਵੀ ਸ਼ਾਮਲ ਹੈ।
ਹੜ੍ਹ ਕਾਰਨ ਹੋਇਆ ਨੁਕਸਾਨ
ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ 20 ਤੋਂ 25 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਕਈ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਇਸ ਤੋਂ ਇਲਾਵਾ, ਲਗਭਗ 4 ਤੋਂ 5 ਹਜ਼ਾਰ ਏਕੜ ਝੋਨੇ ਦੀ ਫਸਲ ਵੀ ਖਰਾਬ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ।
ਲੋਕਾਂ ਦੀ ਮੰਗ
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਵਧਣ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਪ੍ਰਸ਼ਾਸਨ ਵੱਲੋਂ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਅਤੇ ਬਣਦੀ ਸਹਾਇਤਾ ਪ੍ਰਦਾਨ ਕੀਤੀ ਜਾਵੇ।