ਜਲੰਧਰ, 31 ਅਗਸਤ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਸਥਿਤੀ ਕੰਟਰੋਲ ਹੇਠ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਗਿੱਦੜਪਿੰਡੀ ਵਿਖੇ 70 ਹਜ਼ਾਰ ਕਿਊਸਿਕ ਅਤੇ ਫਿਲੌਰ ਵਿਖੇ 40 ਹਜ਼ਾਰ ਕਿਊਸਿਕ ਪਾਣੀ ਰਿਕਾਰਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ ਇਨ੍ਹਾਂ ਦੋਵਾਂ ਥਾਵਾਂ ’ਤੇ ਪਾਣੀ ਦਾ ਪੱਧਰ ਇਕ ਲੱਖ ਕਿਊਸਿਕ ਤੋਂ ਵਧ ਗਿਆ ਸੀ, ਜੋ ਕਿ ਮੌਜੂਦਾ ਸਥਿਤੀ ਤੋਂ ਕਿਤੇ ਜ਼ਿਆਦਾ ਸੀ।
ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਨਾਲ ਵਿਸਥਾਰ ਨਾਲ ਵਿਚਾਰ-ਚਰਚਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹਾਂ ਵਰਗੇ ਹਾਲਾਤ ਦਾ ਸਾਹਮਣਾ ਕਰਨ ਲਈ ਰਾਹਤ ਕੇਂਦਰ ਸਥਾਪਿਤ ਕਰਨ ਤੋਂ ਇਲਾਵਾ ਲੋੜੀਂਦੀ ਮਸ਼ੀਨਰੀ ਅਤੇ ਜ਼ਰੂਰੀ ਵਸਤਾਂ ਦਾ ਇੰਤਜ਼ਾਮ ਪਹਿਲਾਂ ਹੀ ਕਰ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਜ਼ਿਲ੍ਹੇ ਵਿੱਚ ਸਥਿਤੀ ’ਤੇ 24 ਘੰਟੇ ਨੇੜਿਓਂ ਨਜ਼ਰ ਰੱਖਣ ਲਈ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਮੁੱਖ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਜੇਕਰ ਲੋੜ ਪੈਂਦੀ ਹੈ ਤਾਂ ਰਾਹਤ ਤੇ ਬਚਾਅ ਕਾਰਜ ਤੁਰੰਤ ਸ਼ੁਰੂ ਕੀਤੇ ਜਾ ਸਕਣ। ਡਾ. ਅਗਰਵਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਫਿਲਹਾਲ ਹੜ੍ਹਾਂ ਦਾ ਕੋਈ ਖਤਰਾ ਨਹੀਂ ਹੈ, ਪਰ ਫਿਰ ਵੀ ਫੀਲਡ ਵਿੱਚ ਤਾਇਨਾਤ ਅਧਿਕਾਰੀ ਪੂਰੀ ਤਰ੍ਹਾਂ ਚੌਕਸ ਰਹਿਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਲੰਧਰ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਹੜ੍ਹ ਕਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿੱਥੇ ਲੋਕ ਹੈਲਪਲਾਈਨ ਨੰਬਰ 0181-2224417 ’ਤੇ ਹੜ੍ਹਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਅਤੇ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ