ਰਾੜਾ ਸਾਹਿਬ, (ਲੁਧਿਆਣਾ), 2 ਸਤੰਬਰ:ਸਿੱਖ ਪੰਥ ਦੇ ਮਹਾਨ ਵਿਦਵਾਨ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਤੇ ਅਫਸੋਸ ਪ੍ਰਗਟ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਮੰਗਲਵਾਰ ਨੂੰ ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸ਼ਾਮਲ ਸਨ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਟਰੱਸਟੀ ਮੈਂਬਰ ਭਾਈ ਗੁਰਨਾਮ ਸਿੰਘ, ਭਾਈ ਮਲਕੀਤ ਸਿੰਘ ਪਨੇਸਰ, ਜਗਜੀਤ ਸਿੰਘ ਗਿੱਲ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਭਾਈ ਬਾਵਾ ਸਿੰਘ ਅਤੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਭਰਾ ਭਾਈ ਗੁਰਦੀਪ ਸਿੰਘ ਅਤੇ ਹੋਰ ਸੰਗਤਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਤੇ ਸਿੱਖ ਜਗਤ, ਸੰਪ੍ਰਦਾਇ ਰਾੜਾ ਸਾਹਿਬ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਨਾ ਪੂਰਿਆ ਜਾਣ ਵਾਲਾ ਵੱਡਾ ਘਾਟਾ ਪਿਆ ਹੈ।
ਉਨ੍ਹਾਂ ਕਿਹਾ ਕਿ ਇਹ ਸੰਪਰਦਾਇ ਬਹੁਤ ਲੰਬੇ ਸਮੇਂ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਹੈ। ਜਿੱਥੇ ਸਾਨੂੰ ਨਿੱਜੀ ਤੌਰ ‘ਤੇ ਦੁੱਖ ਮਹਿਸੂਸ ਹੋਇਆ ਹੈ ਉੱਥੇ ਸਮੁੱਚੇ ਸਿੱਖ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਕਿਉਂਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਦੇਸ਼ ਅਤੇ ਵਿਦੇਸ਼ਾਂ ਵਿੱਚ ਜਾ ਕੇ, ਕੀਰਤਨ ਅਤੇ ਕਥਾ (ਅਧਿਆਤਮਿਕ ਪ੍ਰਵਚਨ) ਰਾਹੀਂ ਸਿੱਖ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਹੈ ਅਤੇ ਗੁਰੂ ਦੇ ਲੜ ਲਾਉਣ ਦਾ ਮਹਾਨ ਕੰਮ ਕਰ ਰਹੇ ਸਨ।ਮੰਤਰੀ ਅਰੋੜਾ ਨੇ ਕਿਹਾ ਕਿ ਸੰਗਤਾਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਮਹਾਂਪੁਰਖ ਸਦੀਆਂ ਬਾਅਦ ਇਸ ਸੰਸਾਰ ‘ਤੇ ਆਉਂਦੇ ਹਨ ਅਤੇ ਸੰਗਤਾਂ ਨੂੰ ਗੁਰੂ ਦੇ ਲੜ ਲਾਉਂਦੇ ਹਨ। ਸਮਾਜਿਕ ਕੁਰੀਤੀਆਂ ਨੂੰ ਦੂਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਬਾਬਾ ਬਲਜਿੰਦਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਉੱਥੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਲਈ ਅਰਦਾਸ ਕਰਦੇ ਹਾਂ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸੰਗਤਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।ਉਨ੍ਹਾਂ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਟਰੱਸਟੀ ਮੈਂਬਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਪੰਜਾਬ ਸਰਕਾਰ ਰਾੜਾ ਸਾਹਿਬ ਦੇ ਪ੍ਰਬੰਧਕਾਂ ਅਤੇ ਸਮੁੱਚੀ ਸੰਗਤ ਦੇ ਨਾਲ ਹੈ ਅਤੇ ਹਰ ਪ੍ਰਕਾਰ ਦੀ ਸਹਾਇਤਾ ਲਈ ਉਹ ਵਚਨਬੱਧ ਹਨ।ਇਹ ਵੀ ਜ਼ਿਕਰਯੋਗ ਹੈ ਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਨਮਿਤ ਆਰੰਭ ਕੀਤੇ ਸ੍ਰੀ ਸਹਿਜ ਪਾਠ ਦੇ ਭੋਗ ਭਲਕੇ 3 ਸਤੰਬਰ 2025 ਦਿਨ ਬੁੱਧਵਾਰ ਨੂੰ ਠੀਕ 11:30 ਵਜੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਾਏ ਜਾਣਗੇ।