ਪਾਇਲ/ਲੁਧਿਆਣਾ, 06 ਸਤੰਬਰ (000) – ਪੰਜਾਬ ਅੰਦਰ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਅਜਿਹੇ ਮੁਸ਼ਕਿਲ ਸਮੇਂ ਵਿੱਚ ਹਰੇਕ ਜਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਆਪਣੇ ਦਫ਼ਤਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਤ੍ਰਿਪਾਲਾਂ ਵੰਡਦਿਆਂ ਕੀਤਾ। ਉਨ੍ਹਾਂ ਦਾਨੀ ਸੱਜਣਾਂ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਭਾਰੀ ਮੀਂਹ ਦੀ ਮਾਰ ਝੱਲ ਰਹੇ ਪਰਿਵਾਰਾਂ ਦੀ ਮਦਦ ਹੋ ਸਕੇ। ਉਨ੍ਹਾਂ ਕਿਹਾ ਕਿ ਲਗਾਤਾਰ ਬਾਰਿਸ਼ ਪੈਣ ਨਾਲ ਲੋਕਾਂ ਦੇ ਕੋਠੇ ਚੋਣ ਲੱਗ ਪਏ ਹਨ ਅਤੇ ਉਨ੍ਹਾਂ ਦਾ ਰਾਸ਼ਨ-ਪਾਣੀ ਅਤੇ ਘਰ ਦੀਆਂ ਜ਼ਰੂਰੀ ਵਸਤਾਂ ਭਿੱਜ ਰਹੀਆਂ ਸਨ, ਜਿਸ ਕਰਕੇ ਉਨ੍ਹਾਂ ਨੂੰ ਤ੍ਰਿਪਾਲਾਂ ਮੁਹੱਈਆ ਕਰਵਾਈਆਂ ਗਈਆਂ।