ਜਲੰਧਰ, 6 ਸਤੰਬਰ : ਮੌਜੂਦਾ ਸਥਿਤੀ ਦੇ ਮੱਦੇਨਜ਼ਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਤਿਆਤ ਦੇ ਤੌਰ ’ਤੇ ਰੋਕਥਾਮ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਨਗਰ ਨਿਗਮ ਜਲੰਧਰ ਅਤੇ ਨਗਰ ਕੌਂਸਲਾਂ ਦੀਆਂ ਟੀਮਾਂ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਕਰਵਾਈ ਜਾ ਰਹੀ ਹੈ, ਜਿਸ ਨਾਲ ਮੱਛਰ ਆਦਿ ਦੇ ਫੈਲਾਅ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਐਂਟੀ ਲਾਰਵਾ ਛਿੜਕਾਅ ਵੀ ਕਰਵਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਵੀ ਪ੍ਰਭਾਵਿਤ ਇਲਾਕਿਆਂ ਦੀ ਪਛਾਣ ਕਰਕੇ ਫੌਗਿੰਗ ਅਤੇ ਐਂਟੀ ਲਾਰਵਾ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਗੰਦੇ ਪਾਣੀ ਅਤੇ ਕੀਟਾਣੂਆਂ ਕਾਰਨ ਅਕਸਰ ਬਿਮਾਰੀਆਂ ਫੈਲਣ ਦਾ ਡਰ ਹੁੰਦਾ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਵਧਾਨੀ ਵਰਤਦਿਆਂ ਪਹਿਲਾਂ ਹੀ ਪਾਣੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਕਾਸੀ, ਨਿਕਾਸੀ ਨਾਲਿਆਂ/ਨਾਲੀਆਂ ਤੇ ਸੀਵਰੇਜ ਸਿਸਟਮ ਦੀ ਸਫਾਈ, ਐਂਟੀ ਲਾਰਵਾ ਦਾ ਛਿੜਕਾਅ, ਫੌਗਿੰਗ ਤੋਂ ਇਲਾਵਾ ਹੋਰ ਰੋਕਥਾਮ ਯਤਨਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਬੰਧਤ ਵਿਭਾਗਾਂ ਨੂੰ ਪਹਿਲਾਂ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਨਾਗਰਿਕਾਂ ਦੀ ਸਿਹਤ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ, ਜਿਸ ਦੇ ਲਈ ਪ੍ਰਸ਼ਾਸਨ ਦੀਆਂ ਟੀਮਾਂ ਫੀਲਡ ਵਿੱਚ ਲਗਾਤਾਰ ਡਟੀਆਂ ਹੋਈਆਂ ਹਨ।——-