ਲੁਧਿਆਣਾ, 10 ਸਤੰਬਰ – ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ”ਮੁੱਖ ਮੰਤਰੀ ਰਾਹਤ ਫੰਡ” ਲਈ ਨਿੱਜੀ ਤੌਰ ‘ਤੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ ਹੈ।
ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਦਿਆਂ, ਵਿਧਾਇਕ ਸੰਗੋਵਾਲ ਨੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਇਕੱਠੇ ਹੋ ਕੇ ਹੰਭਲਾ ਮਾਰਨਾ ਸਮੇਂ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਇਸ ਔਖੀ ਘੜੀ ਵਿੱਚ ਸਹਿਯੋਗ ਲਈ, ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿੱਤੀ ਮਦਦ ਰਾਹਤ ਕਾਰਜ਼ਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ ਤੇ ਹੋਰ ਦਾਨੀ ਸੱਜਣਾਂ ਨੂੰ ਵੀ ਇਸ ਨੇਕ ਕਾਰਜ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ।
ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਈ ਅਹਿਮ ਫ਼ੈਸਲੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੀਂਹ ਦੀ ਮਾਰ ਕਾਰਨ ਜਿਹੜੇ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਈਆਂ ਹਨ ਉਨ੍ਹਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਮਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਨੁਕਸਾਨ ਪੁੱਜਾ ਹੈ, ਪਸ਼ੂ ਮਾਰੇ ਗਏ ਹਨ, ਹੜ੍ਹਾਂ ਕਾਰਨ ਕਿਸੇ ਪਰਿਵਾਰਕ ਮੈਂਬਰ ਦੀ ਜਾਨ ਚਲੀ ਗਈ ਹੈ, ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ, ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਰਥਿਕ ਸਹਾਇਤਾ ਪਹੁੰਚਾਉਣ ਲਈ ਵਚਨਬੱਧ ਹੈ।