ਨਵੀਂ ਦਿੱਲੀ – ਸਤੰਬਰ 11, 2025: ਰਾਊਸ ਐਵੇਨਿਊ ਕੋਰਟ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਖਿਲਾਫ਼ ਦਾਇਰ ਕੀਤੀ ਗਈ ਇੱਕ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ ‘ਤੇ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਪਹਿਲਾਂ ਹੀ ਵੋਟਰ ਸੂਚੀ ਵਿੱਚ ਆਪਣਾ ਨਾਂ ਸ਼ਾਮਲ ਕਰਵਾਉਣ ਦੇ ਦੋਸ਼ ਲਗਾਏ ਗਏ ਸਨ।ਪਟੀਸ਼ਨਕਰਤਾ, ਵਕੀਲ ਵਿਕਾਸ ਤ੍ਰਿਪਾਠੀ, ਨੇ ਅਦਾਲਤ ਵਿੱਚ ਦਾਅਵਾ ਕੀਤਾ ਸੀ ਕਿ ਸੋਨੀਆ ਗਾਂਧੀ ਨੂੰ 30 ਅਪ੍ਰੈਲ 1983 ਨੂੰ ਨਾਗਰਿਕਤਾ ਮਿਲੀ ਸੀ, ਜਦੋਂ ਕਿ ਉਨ੍ਹਾਂ ਦਾ ਨਾਮ 1980 ਦੀ ਵੋਟਰ ਸੂਚੀ ਵਿੱਚ ਸ਼ਾਮਲ ਸੀ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਸੀ ਕਿ 1981-82 ਵਿੱਚ ਵੀ ਉਨ੍ਹਾਂ ਦਾ ਨਾਮ ਨਵੀਂ ਦਿੱਲੀ ਸੰਸਦੀ ਹਲਕੇ ਦੀ ਵੋਟਰ ਸੂਚੀ ਵਿੱਚ ਸੀ, ਜਦੋਂ ਉਹ ਅਜੇ ਭਾਰਤੀ ਨਾਗਰਿਕ ਨਹੀਂ ਸਨ।
ਅਦਾਲਤ ਨੇ ਸੁਣਵਾਈ ਤੋਂ ਬਾਅਦ ਪਟੀਸ਼ਨ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਖਾਰਜ ਕਰ ਦਿੱਤਾ, ਜਿਸ ਨਾਲ ਸੋਨੀਆ ਗਾਂਧੀ ਨੂੰ ਇਸ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ।