ਲੁਧਿਆਣਾ, 12 ਸਤੰਬਰ: ਆਗਾਮੀ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਦੀ ਲਾਜ਼ਮੀ ਵਰਤੋਂ ਬਾਰੇ ਕੰਬਾਈਨ ਹਾਰਵੈਸਟਰ ਉਪਰੇਟਰਾਂ ਅਤੇ ਮਾਲਕਾਂ ਨੂੰ ਵਾਤਾਵਰਣ ਪ੍ਰਤੀ ਸੰਵੇਦਨਸ਼ੀਲ ਬਣਾਉਣ ਅਤੇ ਸਰਕਾਰ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਉਣ ਲਈ ਸ਼ੁੱਕਰਵਾਰ ਨੂੰ ਬੱਚਤ ਭਵਨ, ਲੁਧਿਆਣਾ ਵਿਖੇ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਕੇਸ਼ ਕੁਮਾਰ ਵਲੋਂ ਕੀਤੀ ਗਈ। ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ। ਵੱਖ-ਵੱਖ ਪਿੰਡਾਂ ਵਿੱਚੋਂ ਕੰਬਾਈਨ ਹਾਰਵੈਸਟਰ ਉਪਰੇਟਰਾਂ ਅਤੇ ਮਾਲਕਾਂ ਨੇ ਇਸ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਜ਼ਿਲ੍ਹੇ ਵਿੱਚੋਂ ਖਤਮ ਕਰਨਾ ਹੈ ਅਤੇ ਏਅਰ ਕੁਆਲਟੀ ਮੈਨੇਜਮੈਂਟ ਕਮਿਸ਼ਨ ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਕੰਬਾਈਨ ਹਾਰਵੈਸਟਰਾਂ ‘ਤੇ ਸੁਪਰ ਐਸ.ਐਮ.ਐਸ ਨੂੰ ਲਾਗੂ ਕਰਕੇ ਝੋਨੇ ਦੀ ਪਰਾਲੀ ਦੇ ਸਹੀ ਪ੍ਰਬੰਧਨ ਨੂੰ ਯਕੀਨੀ ਬਣਾਉਣਾ ਹੈ। ਏ.ਡੀ.ਸੀ ਨੇ ਨਿਰਦੇਸ਼ ਦਿੱਤੇ ਕਿ ਸੁਪਰ ਐਸ.ਐਮ.ਐਸ. ਅਟੈਚਮੈਂਟ ਤੋਂ ਬਿਨਾਂ ਕਿਸੇ ਵੀ ਕੰਬਾਈਨ ਨੂੰ ਝੋਨੇ ਕਟਾਈ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਕਿਉਂਕਿ ਸੁਪਰ ਐਸ.ਐਮ.ਐਸ. ਤੋਂ ਬਿਨਾਂ ਕੰਬਾਈਨ ਹਾਰਵੈਸਟਰ ਚਲਾਉਣਾ ਵਾਤਾਵਰਣ ਨਿਯਮਾਂ ਦੀ ਉਲੰਘਣਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ 25 ਸਤੰਬਰ 2020 ਦੇ ਪੀ.ਪੀ.ਸੀ.ਬੀ. ਦੇ ਆਦੇਸ਼ਾਂ ਅਨੁਸਾਰ ਇਹ ਹੁਕਮ ਨਾ ਮੰਨਣ ਵਾਲੇ ਕੰਬਾਈਨ ਉਪਰੇਟਰਾਂ ਤੇ ਪਹਿਲੀ ਉਲੰਘਣਾ ਲਈ 50,000, ਦੂਜੀ ਉਲੰਘਣਾ ਲਈ 75,000 ਅਤੇ ਤੀਜੀ ਅਤੇ ਬਾਅਦ ਦੀ ਹਰ ਉਲੰਘਣਾ ਲਈ 1,00,000 ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਜਾਵੇਗਾ। ਪੀ.ਪੀ.ਸੀ.ਬੀ, ਖੇਤੀਬਾੜੀ ਵਿਭਾਗ ਅਤੇ ਪੁਲਿਸ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਨੂੰ ਇਹ ਫੈਸਲਾ ਲਾਗੂ ਕਰਨ ਲਈ ਖੇਤਾਂ ਵਿੱਚ ਤਾਇਨਾਤ ਕੀਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਾਤਾਵਰਣ ਮੁਆਵਜ਼ੇ ਤੋਂ ਇਲਾਵਾ ਮਸ਼ੀਨਰੀ ਜ਼ਬਤ ਕਰਨ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇੰਜੀਨੀਅਰ ਅਮਨਪ੍ਰੀਤ ਸਿੰਘ ਘੇਈ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.ਗੁਰਦੀਪ ਸਿੰਘ ਵਲੋਂ ਸਮੂਹ ਬਲਾਕ ਖੇਤੀਬਾੜੀ ਦਫ਼ਤਰਾਂ ਨੂੰ ਕੰਬਾਇਨ ੳਪਰੇਟਰਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸੁਪਰ ਐਸ.ਐਮ.ਐਸ. ਝੋਨੇ ਦੀ ਪਰਾਲੀ ਦੇ ਵਧੀਆ ਅਤੇ ਸੌਖੇ ਪ੍ਰਬੰਧਨ ਲਈ ਅਤੇ ਪਰਾਲੀ ਸਾੜਨ ਤੋਂ ਬਿਨਾਂ ਕਣਕ ਦੀ ਬਿਜਾਈ ਨੂੰ ਸਰਲ ਬਣਾਉਣ ਲਈ ਜ਼ਰੂਰੀ ਹੈ ਅਤੇ ਇਸ ਦੀ ਵਰਤੋਂ ਨਾਲ ਵਾਤਾਵਰਣ ਪ੍ਰਦੂਸ਼ਣ ਘਟਾਉਣ ਵਿੱਚ ਸਹਾਇਤਾ ਮਿਲ ਸਕਦੀ ਹੈ। ਕੁਝ ਉਪਰੇਟਰਾਂ ਨੇ ਉਨ੍ਹਾਂ ਖੇਤਾਂ ਵਿੱਚ ਸੁਪਰ ਐਸ.ਐਮ.ਐਸ ਤੋਂ ਛੋਟ ਦੀ ਬੇਨਤੀ ਕੀਤੀ ਜਿੱਥੇ ਬੇਲਰ ਵਰਗੇ ਐਕਸ-ਸਿਟੂ ਢੰਗਾਂ ਦੀ ਵਰਤੋਂ ਕੀਤੀ ਜਾਣੀ ਹੈ ਜਿਸ ਬਾਰੇ ਏ.ਡੀ.ਸੀ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਸਾਰੇ ਉਪਰੇਟਰਾਂ ਨੇ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਮੂਹਕ ਵਚਨਬੱਧਤਾ ਪ੍ਰਗਟਾਈ ਅਤੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਅਤੇ ਵਾਤਾਵਰਣ ਦੇ ਨੁਕਸਾਨ ਨੂੰ ਘਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦਾ ਸਮਰਥਨ ਕਰਨ ਦਾ ਵਾਅਦਾ ਕੀਤਾ।
ਇਸ ਮੀਟਿੰਗ ਵਿੱਚ ਵੀਰਪਾਲ ਕੌਰ ਏ.ਡੀ.ਓ, ਸ਼ੇਰਅਜੀਤ ਸਿੰਘ ਏ.ਈ.ਓ, ਪ੍ਰੇਮਪ੍ਰੀਤ ਸਿੰਘ ਏ.ਈ.ਓ, ਪੀ.ਪੀ.ਸੀ.ਬੀ ਤੋਂ ਸ੍ਰੀਮਤੀ ਗੁਰਵਿੰਦਰ ਕੌਰ ਐਸ.ਡੀ.ਓ ਅਤੇ ਸ਼੍ਰੀ ਗੁਰਸੇਵਕ ਸਿੰਘ ਜੇ.ਈ. ਆਦਿ ਹਾਜਰ ਸਨ।