ਖੰਨਾ, (ਲੁਧਿਆਣਾ) 13 ਸਤੰਬਰ: ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਾਰਟੀ ਦਫਤਰ ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ।
ਖੰਨਾ ਦੇ ਵਾਰਡ ਨੰਬਰ 13 ਅਤੇ 14 ਦੇ ਮੁਹੱਲਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਧਿਆਨ ਵਿੱਚ ਲਿਆਂਦਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਸਹੀ ਨਾ ਪਿਆ ਹੋਇਆ ਸੀਵਰੇਜ ਲੰਬੇ ਸਮੇਂ ਤੋਂ ਬੰਦ ਪਿਆ ਹੈ ਜਿਸ ਦੀ ਮੌਜੂਦਾ ਕਮੇਟੀ ਵੱਲੋਂ ਕੋਈ ਸਫਾਈ ਨਹੀਂ ਕਰਵਾਈ ਗਈ ਅਤੇ ਸੀਵਰੇਜ ਬੰਦ ਹੋਣ ਕਾਰਨ ਗਲੀਆਂ ਵਿੱਚ ਪਾਣੀ ਖੜ੍ਹਾ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਾਰਡ ਨੰਬਰ 13 ਅਤੇ 14 ਦੇ ਮੁਹੱਲਾ ਨਿਵਾਸੀਆਂ ਦੀ ਸੀਵਰੇਜ ਦੀ ਸਮੱਸਿਆ ਸੁਣਨ ‘ਤੇ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੀਵਰੇਜ ਦੀ ਮਸ਼ੀਨਾਂ ਨਾਲ ਸਫਾਈ ਕਰਵਾਈ ਜਾਵੇ, ਤਾਂ ਜੋ ਇਹਨਾਂ ਵਾਰਡਾਂ ਵਿੱਚ ਰਹਿ ਰਹੇ ਵਸਨੀਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।
ਵਾਰਡ ਨੰਬਰ 13 ਦੀ ਨਿਊ ਫਰੈਡਜ ਕਲੋਨੀ ਦੇ ਵਸਨੀਕਾਂ ਨੇ ਮੰਤਰੀ ਸੌਂਦ ਦੇ ਧਿਆਨ ਵਿੱਚ ਲਿਆਂਦਾ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੀ ਕਲੋਨੀ ਵਿੱਚ ਸੀਵਰੇਜ ਨਹੀਂ ਪਿਆ ਅਤੇ ਨਾ ਹੀ ਗਲੀਆਂ ਬਣੀਆ ਹਨ। ਨਿਊ ਫਰੈਡਜ ਕਲੋਨੀ ਵਾਸੀਆਂ ਦੀਆਂ ਸਮੱਸਿਆ ਸੁਣਨ ‘ਤੇ ਮੰਤਰੀ ਸੌਂਦ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਇਸ ਨਿਊ ਫਰੈਡਜ ਕਲੋਨੀ ਨੂੰ ਚੈੱਕ ਕਰਵਾਉਣਗੇ ਕਿ ਇਹ ਕਲੋਨੀ ਲੀਗਲ ਹੈ ਜਾਂ ਅਣਲੀਗਲ ਉਸ ਅਨੁਸਾਰ ਕਾਰਵਾਈ ਜਲਦ ਤੋਂ ਜਲਦ ਅਮਲ ਵਿੱਚ ਲਿਆਂਦੀ ਜਾਵੇਗੀ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਵਾਰਡ ਨੰਬਰ 13 ਅਤੇ 14 ਦੇ ਮੌਜੂਦਾ ਕੌਂਸਲਰ ਜੋ ਕਾਂਗਰਸ ਅਤੇ ਅਕਾਲੀ ਪਾਰਟੀਆਂ ਨਾਲ ਸਬੰਧਤ ਹਨ ਮੁਹੱਲਾ ਨਿਵਾਸੀਆਂ ਪ੍ਰਤੀ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮਯਾਬ ਹੋਏ ਹਨ। ਜਿਸ ਕਾਰਨ ਲੋਕ ਗਲੀਆਂ ਵਿੱਚ ਖੜ੍ਹੇ ਗੰਦੇ ਪਾਣੀ ਦੀ ਸਮੱਸਿਆ ਤੋਂ ਪੀੜਤ ਹਨ ਸੋ ਇਹਨਾਂ ਨੂੰ ਆਪਣੀ ਸਮੱਸਿਆ ਲੈ ਕੇ ਮੇਰੇ ਕੋਲ ਆਉਣਾ ਪਿਆ ਹੈ।
ਕੈਬਨਿਟ ਮੰਤਰੀ-ਲੋਕ ਮਿਲਣੀ ਦੌਰਾਨ ਆਏ ਹੋਏ ਲੋਕਾਂ ਵੱਲੋਂ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਅਜਿਹੇ ਉਪਰਾਲੇ ਹਲਕੇ ਵਿੱਚ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਮਿਲ ਸਕੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਹੋ ਸਕਣ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਓ.ਐਸ.ਡੀ ਕਰਨ ਅਰੋੜਾ, ਬਲਾਕ ਪ੍ਰਧਾਨ ਅਵਤਾਰ ਸਿੰਘ ਮਾਨ, ਐਡਵੋਕੇਟ ਲਖਵੀਰ ਸਿੰਘ, ਰਾਜਿੰਦਰ ਸਿੰਘ ਜੀਤ, ਗੁਰਜੀਤ ਸਿੰਘ ਗਿੱਲ, ਮਲਕੀਤ ਸਿੰਘ ਮੀਤਾ, ਨੋਨੀ ਸਿੰਘ, ਗੁਰਪ੍ਰੀਤ ਸਿੰਘ ਗੋਗੀ, ਕੀਮਤੀ ਲਾਲ, ਸੁਖਦਰਸ਼ਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖੰਨਾ ਹਲਕੇ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।