ਜਲੰਧਰ, 14 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਈਨ ਬਿਨਾਂ ਸੁਪਰ ਐਸ.ਐਮ.ਐਸ. ਤੋਂ ਨਹੀਂ ਚਲਾਈ ਜਾਵੇਗੀ ਅਤੇ ਕੰਬਾਈਨ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਇਜਾਜ਼ਤ ਹੋਵੇਗੀ।ਡਾ. ਅਗਰਵਾਲ ਨੇ ਕੰਬਾਈਨ ਮਾਲਕਾਂ ਨੂੰ ਨਿਰਦੇਸ਼ ਦਿੱਤੇ ਕਿ ਝੋਨਾ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕਟਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਵੇਖਣ ਵਿਚ ਆਉਂਦਾ ਹੈ ਕਿ ਕੰਬਾਈਨਾਂ ਨਾਲ ਰਾਤ ਵੇਲੇ ਹਰੀ ਜੀਰੀ, ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਉਸ ਦੀ ਕਟਾਈ ਕਰ ਦਿੱਤੀ ਜਾਂਦੀ ਹੈ, ਜਿਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵਧ ਜਾਂਦੀ ਹੈ ਅਤੇ ਮੰਡੀਕਰਨ ਵਿੱਚ ਕਿਸਾਨਾਂ ਨੂੰ ਦਿੱਕਤਾਂ ਪੇਸ਼ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਵਿੱਚ ਨਮੀ ਦੀ ਮਾਤਰਾ ਉਚਿਤ ਹੋਣ ’ਤੇ ਹੀ ਫ਼ਸਲ ਦੀ ਕਟਾਈ ਕਰਨ ਲਈ ਕੰਬਾਈਨ ਮਾਲਕ ਅੱਗੇ ਆਉਣ।ਉਨ੍ਹਾਂ ਕੰਬਾਈਨ ਮਾਲਕਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਝੋਨੇ ਦੀ ਕਟਾਈ ਮੌਕੇ ਕੰਬਾਈਨ ਹਾਰਵੈਸਟ ਉਪਰ ਸੁਪਰ ਐਸ. ਐਮ.ਐਸ. ਜ਼ਰੂਰ ਲਗਾਉਣ ਤਾਂ ਜੋ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਕਿਸਾਨਾਂ ਨੂੰ ਸੌਖ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਉਲੰਘਣਾ ਪਾਏ ਜਾਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਕੰਬਾਈਨ ਮਾਲਕ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਖੇਤੀਬਾੜੀ ਵਿਭਾਗ ਵੱਲੋਂ ਕੰਬਾਈਨ ਮਾਲਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਝੋਨੇ ਦੀ ਕਟਾਈ ਸਬੰਧੀ ਹਦਾਇਤਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਵੀ ਇਸ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।