ਜਲੰਧਰ, 18 ਸਤੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੀਰਵਾਰ ਤੜਕਸਾਰ ਪਿੰਡ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਬੰਨ੍ਹ ਦੀ ਹੋਰ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਸ ਕੰਮ ਵਿੱਚ ਦਿਨ-ਰਾਤ ਜੁਟੇ ਡਰੇਨੇਜ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਥਾਨਕ ਵਲੰਟੀਅਰਾਂ ਦੀ ਹੌਸਲਾ ਅਫਜ਼ਾਈ ਕੀਤੀ।
ਡਾ. ਅਗਰਵਾਲ ਨੇ ਦੱਸਿਆ ਕਿ ਡਰੇਨੇਜ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸੈਂਕੜੇ ਵਲੰਟੀਅਰਾਂ ਤੇ ਸੰਗਤ ਨੇ ਪਿਛਲੇ ਕਈ ਦਿਨਾਂ ਤੋਂ ਬੰਨ੍ਹ ਦੇ ਸੰਵੇਦਨਸ਼ੀਲ ਕੰਢੇ ਨੂੰ ਮਜ਼ਬੂਤ ਅਤੇ ਸੁਰੱਖਿਅਤ ਕਰਨ ਲਈ ਦਿਨ-ਰਾਤ ਇਕ ਕੀਤਾ ਹੋਇਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਦਿੱਕਤਾਂ ਨੂੰ ਨਾਲ ਦੀ ਨਾਲ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਬੰਨ੍ਹ ਨੂੰ ਬਚਾਉਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਫੌਜ, ਐਸ.ਡੀ.ਆਰ.ਐਫ., ਪੁਲਿਸ ਦੀਆਂ ਟੁਕੜੀਆਂ ਸਮੇਤ ਲੇਬਰ, ਸਥਾਨਕ ਵਲੰਟੀਅਰ ਤੇ ਸੰਗਤ ਲਗਾਤਾਰ ਬੰਨ੍ਹ ਦੀ ਹੋਰ ਮਜ਼ਬੂਤੀ ਲਈ ਕੰਮ ਰਹੇ ਹਨ ਅਤੇ ਪ੍ਰਸ਼ਾਸਨ ਤੇ ਡਰੇਨੇਜ ਵਿਭਾਗ ਵੱਲੋਂ ਵੱਡੀ ਗਿਣਤੀ ਵਿੱਚ ਮਿੱਟੀ ਦੇ ਬੋਰੇ ਹੋਰ ਜ਼ਿਲ੍ਹਿਆਂ ਤੋਂ ਮੰਗਵਾ ਕੇ ਵੀ ਇਥੇ ਲਗਵਾਏ ਜਾ ਰਹੇ ਹਨ। ਹਰ ਪੱਧਰ ’ਤੇ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਬੰਨ੍ਹ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਦਰਿਆ ਦਾ ਵਹਾਅ ਬੰਨ੍ਹ ਵੱਲ ਹੋਣ ਕਰਕੇ ਇਸ ਦੀ ਸਥਿਤੀ ਸੰਵੇਦਨਸ਼ੀਲ ਜ਼ਰੂਰ ਹੈ ਪਰ ਬੰਨ੍ਹ ਅਜੇ ਤੱਕ ਕਾਇਮ ਹੈ।