ਜਲੰਧਰ, 19 ਸਤੰਬਰ : ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਨਕੋਦਰ ਵਿਖੇ ਦੋ ਧਾਰਮਿਕ ਸਥਾਨਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਭੀਖ ਮੰਗਦੀਆਂ 3 ਬੱਚੀਆਂ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਏ ਜਾ ਰਹੇ ਜੀਵਨਜੋਤ ਪ੍ਰਾਜੈਕਟ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਕੀਤੀ ਗਈ ਚੈਕਿੰਗ ਦੌਰਾਨ ਛੁਡਾਈਆਂ ਗਈਆਂ ਲੜਕੀਆਂ ਦੀ ਉਮਰ 8-14 ਸਾਲ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੜਕੀਆਂ ਦਾ ਮੈਡੀਕਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਇਨ੍ਹਾਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਨ ਉਪਰੰਤ ਚਿਲਡਰਨ ਹੋਮ ਗਾਂਧੀ ਵਾਨਿਤਾ ਆਸ਼ਰਮ ਵਿਖੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚੀਆਂ ਦੇ ਮਾਪਿਆਂ ਦੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਲੰਧਰ ਦੇ ਚਾਈਲਡਲਾਈਨ ਸਟਾਫ਼ ਗੁਰਪ੍ਰੀਤ ਸਿੰਘ, ਗੁਰਸ਼ਰਨ ਕੌਰ ਅਤੇ ਰੀਤਿਕਾ ਆਦਿ ਵੀ ਮੌਜੂਦ ਸਨ।