ਖੰਨਾ, (ਲੁਧਿਆਣਾ), 19 ਸਤੰਬਰ:ਜਲ ਸਪਲਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ, ਖੰਨਾ ਦੇ ਵਾਰਡ ਨੰਬਰ 22 ਅਤੇ 23 ਦੇ ਵਸਨੀਕਾਂ ਨੂੰ ਪੀਣ ਵਾਲਾ ਸ਼ੁਧ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵਾਰਡ ਨੰਬਰ 22 ਵਿਖੇ 35.20 ਲੱਖ ਰੁਪਏ ਦੀ ਲਾਗਤ ਨਾਲ 656 ਫੁੱਟ ਡੂੰਘਾ ਬੋਰਵੈੱਲ ਕਰਕੇ ਨਵੇਂ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅੱਜ ਵਾਰਡ ਨੰਬਰ 22 ਅਧੀਨ ਵਾਲਮੀਕ ਸਟੇਡੀਅਮ ਵਿਖੇ 25 ਹਾਰਸ ਪਾਵਰ ਵਾਲਾ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਉਣ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਦੋ ਮਹੀਨੇ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਵਾਰਡ ਨੰਬਰ 22 ਅਤੇ 23 ਦੇ ਇਸ ਇਲਾਕੇ ਵਿੱਚ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ 22 ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਪਹਿਲਕਦਮੀ ਇਲਾਕਾ ਨਿਵਾਸੀਆਂ ਲਈ ਇੱਕ ਨਿਰੰਤਰ ਅਤੇ ਭਰੋਸੇਮੰਦ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸਦੇ ਤਹਿਤ ਚੋਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।ਇਸ ਮੌਕੇ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਐਸ.ਡੀ.ਓ ਮੈਡਮ ਅਮ੍ਰਿਤਪਾਲ ਕੌਰ, ਜੇ.ਈ ਰਮਨਦੀਪ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ, ਵਾਰਡ ਨੰਬਰ 22 ਦੇ ਕੌਂਸਲਰ ਰਵਿੰਦਰ ਸਿੰਘ ਬੱਬੂ, ਵਾਰਡ ਨੰਬਰ 23 ਦੇ ਕੌਂਸਲਰ ਸੁਖਮਨਜੀਤ ਸਿੰਘ, ਓ.ਐਸ.ਡੀ ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਸਾਬਕਾ ਕੌਂਸਲਰ ਰਾਜਿੰਦਰ ਸਿੰਘ ਜੀਤ, ਹਰਜੀਤ ਸਿੰਘ ਭਾਟੀਆ, ਬਲਰਾਮ ਬਾਲੂ, ਅਮਰਿੰਦਰ ਸਿੰਘ ਚਾਹਲ, ਵਿੰਦਰ ਜੱਸਲ ਅਤੇ ਰਾਜਵੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।


