ਲੁਧਿਆਣਾ : 28 ਸਤੰਬਰ:ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਹਲਕਾ ਖੰਨਾ ਦੇ 5 ਪਿੰਡਾਂ ਵਿੱਚ 1 ਕਰੋੜ, 56 ਲੱਖ, 85 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਪਿੰਡ ਗੋਹ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੰਚਾਇਤ ਘਰ, ਪਿੰਡ ਕੌੜੀ ਵਿਖੇ 07 ਲੱਖ ਰੁਪਏ ਦੀ ਲਾਗਤ ਨਾਲ ਹੋਏ ਸੀਵਰੇਜ਼, ਗਲੀਆਂ, ਬਰਮ ਦੇ ਕੰਮ, ਪਿੰਡ ਇਕੋਲਾਹੀ ਵਿਖੇ 35 ਲੱਖ 85 ਹਜਾਰ ਰੁਪਏ ਦੀ ਲਾਗਤ ਨਾਲ ਬਣੀ ਲਾਇਬ੍ਰੇਰੀ, ਪਿੰਡ ਪੰਜਰੁੱਖਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੰਚਾਇਤ ਘਰ, ਪਿੰਡ ਬੀਜਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਨਾਲੀਆਂ ਅਤੇ ਸੀਵਰੇਜ ਦੇ ਹੋਏ ਕੰਮ ਅਤੇ 14 ਲੱਖ ਰੁਪਏ ਦੀ ਲਾਗਤ ਨਾਲ ਬਣੀ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਪੰਚਾਇਤ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਦਾ ਪਿੰਡ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਹਿਮ ਰੋਲ ਹੁੰਦਾ ਹੈ, ਇਸ ਲਈ ਸਮੁੱਚੀ ਪੰਚਾਇਤ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਹਰੇਕ ਕਾਰਜ਼ ਨੂੰ ਲੋਕਾਂ ਦੀ ਸਲਾਹ ਨਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦੇ ਚਾਨਣ ਮੁਨਾਰੇ ਵਜੋਂ ਜਾਣਿਆ ਜਾਂਦਾ ਹੈ।
ਉਨ੍ਹਾਂ ਕਿਹਾ ਸੂਬਾ ਸਰਕਾਰ ਵੱਲੋਂ ਬਣਾਈਆ ਨੀਤੀਆਂ ਅਤੇ ਇਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਸਰਪੰਚਾਂ-ਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਕਾਰਜ਼ਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ, ਬਸ ਲੋੜ ਹੈ ਹਰੇਕ ਪੰਚਾਇਤ ਨੂੰ ਆਪਣੇ ਪਿੰਡ ਨੂੰ ਵਿਕਾਸ ਦੀਆਂ ਲੀਹਾਂ ਵੱਲ ਤੋਰਨ ਦੀ ਅਤੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨ ਦੀ ਸਲਾਹ ਦਿੱਤੀ। ਮੰਤਰੀ ਨੇ ਜਿਨ੍ਹਾਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਉੱਥੇ ਉਨ੍ਹਾਂ ਪਿੰਡਾਂ ਨੂੰ ਪਹਿਲਾਂ ਦਿੱਤੀਆਂ ਗ੍ਰਾਂਟਾਂ ਦੇ ਵੇਰਵੇ ਪਿੰਡ ਵਾਸੀਆਂ ਨਾਲ ਸਾਂਝੇ ਕੀਤੇ।ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਅਤੇ ਖ਼ੁਸ਼ਹਾਲੀ ਦੀ ਗਤੀ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਸਰਕਾਰ ਅਤੇ ਪਿੰਡਾਂ ਵਿਚਕਾਰ ਪੁਲ ਦਾ ਕੰਮ ਕਰਦੀਆਂ ਹਨ ਅਤੇ ਪੰਚਾਂ ਤੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਵੱਡਾ ਰੋਲ ਅਦਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪੰਚਾਇਤਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਵੀ ਕਿਹਾ।ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਲੋਕ ਹਿੱਤ ਵਿੱਚ ਫੈਸਲੇ ਲੈਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਤਾਂ ਜੋ ਪੰਜਾਬ ਸਰਕਾਰ ਵੱਲੋਂ ਮਿਲਣ ਵਾਲੀਆਂ ਗ੍ਰਾਂਟਾ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਦਿਆਂ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਤੇ ਸੁਵਿਧਾਵਾਂ ਮੁਹੱਈਆ ਕਰਵਾਈਆ ਜਾਣ।
ਮੰਤਰੀ ਸੌਂਦ ਨੇ ਪਿੰਡ ਗੋਹ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਮਾਡਰਨ ਪਲੇਅ ਗਰਾਊਂਂਡ, ਪਿੰਡ ਕੌੜੀ ਵਿੱਚ 14 ਲੱਖ ਰੁਪਏ ਦੀ ਲਾਗਤ ਨਾਲ ਮਾਡਰਨ ਪਲੇਅ ਗਰਾਊਂਂਡ, ਪਿੰਡ ਇਕੋਲਾਹੀ ਵਿੱਚ 28 ਲੱਖ ਰੁਪਏ ਦੀ ਲਾਗਤ ਨਾਲ ਪਲੇਅ ਗਰਾਊਂਡ ਅਤੇ ਪਿੰਡ ਪੰਜਰੁੱਖਾ ਵਿਖੇ 31 ਲੱਖ ਰੁਪਏ ਦੀ ਲਾਗਤ ਨਾਲ ਪਲੇਅ ਗਰਾਊਂਡ ਬਣਾਉਣ ਦਾ ਐਲਾਨ ਵੀ ਕੀਤਾ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਓ.ਐਸ.ਡੀ ਕਰਨ ਅਰੋੜਾ, ਐਡਵੋਕੇਟ ਤਪਿੰਦਰ ਸਿੰਘ ਨਾਗਰਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਕਿਸਾਨ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਲਿਬੜਾ, ਹਲਕਾ ਯੂਥ ਪ੍ਰਧਾਨ ਅਮਿਤ ਮਿੱਤਲ, ਬਲਾਕ ਪ੍ਰਧਾਨ ਗੁਰਜੀਤ ਸਿੰਘ ਗਿੱਲ, ਬਲਾਕ ਪ੍ਰਧਾਨ ਲਖਵੀਰ ਸਿੰਘ ਕਾਲਾ, ਬਲਾਕ ਪ੍ਰਧਾਨ ਵਰਿੰਦਰ ਸਿੰਘ ਜੋਤੀ, ਬਲਾਕ ਪ੍ਰਧਾਨ ਸੁਰਿੰਦਰ ਸਿੰਘ, ਬੀ.ਡੀ.ਪੀ.ਓ. ਖੰਨਾ ਸਤਵਿੰਦਰ ਸਿੰਘ ਕੰਗ, ਐਕਸੀਅਨ ਰਾਜੇਸ਼ ਕਾਸਲ, ਐਸ.ਡੀ.ਓ ਅਰਪਿਤ ਸ਼ਰਮਾ, ਪੰਚਾਇਤ ਅਫ਼ਸਰ ਕੁਲਦੀਪ ਸਿੰਘ, ਜੇ.ਈ ਸੁਖਦੀਪ ਸਿੰਘ, ਗੁਰਮੀਤ ਸਿੰਘ, ਪਿੰਡ ਗੋਹ ਦੇ ਸਰਪੰਚ ਕੁਲਦੀਪ ਸਿੰਘ, ਪਿੰਡ ਕੌੜੀ ਦੇ ਸਰਪੰਚ ਜਗਦੀਪ ਕੌਰ, ਪਿੰਡ ਬੀਜਾ ਦੇ ਸਰਪੰਚ ਸ੍ਰੀਮਤੀ ਜਸਵੀਰ ਕੌਰ, ਪਿੰਡ ਇਕੋਲਾਹੀ ਦੇ ਸਰਪੰਚ ਸ੍ਰੀਮਤੀ ਨਿਰਮਲ ਕੌਰ, ਪਿੰਡ ਪੰਜਰੁੱਖਾ ਦੇ ਸਰਪੰਚ ਸੁਖਵਿੰਦਰ ਸਿੰਘ, ਪ੍ਰਦੂਸ਼ਣ ਸਿੰਘ ਰਾਜੀ ਪੰਜਰੁੱਖਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।