ਜਲੰਧਰ, 1 ਅਕਤੂਬਰ : ਆਪਣੀ ਤਰ੍ਹਾਂ ਦੀ ਨਿਵੇਕਲੀ ਪਹਿਲਕਦਮੀ ਤਹਿਤ ਸ਼ਹਿਰ ਦੇ ਬੀ.ਐਮ.ਸੀ. ਚੌਕ ਵਿਖੇ ਨਵੀਂ ਬਾਕਸ ਕ੍ਰਿਕਟ ਪਿੱਚ ਤਿਆਰ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰਾਜੈਕਟ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਅੱਜ ਇਸ ਸਥਾਨ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਇਕ ਹਫ਼ਤੇ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਪ੍ਰਾਜੈਕਟ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਡਾ.ਅਗਰਵਾਲ ਨੇ ਕਿਹਾ ਕਿ ਇਹ ਪਿੱਚ ਪੰਜਾਬ ਸਰਕਾਰ ਦੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਣਾਈ ਗਈ ਹੈ, ਜਿਸ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸਿਹਤਮੰਦ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪਹਿਲਾਂ ਹੀ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀ.ਐਮ.ਸੀ. ਚੌਕ ਵਿਖੇ ਬਾਕਸ ਕ੍ਰਿਕਟ ਦੀ ਸਹੂਲਤ ਦਫ਼ਤਰ ਜਾਣ ਵਾਲੇ ਲੋਕਾਂ, ਸਕੂਲ ਤੇ ਕਾਲਜ ਜਾਣ ਵਾਲੇ ਵਿਦਿਆਰਥੀਆਂ ਤੇ ਹੋਰਨਾਂ ਸ਼ਹਿਰ ਵਾਸੀਆਂ ਨੂੰ ਖਾਲੀ ਸਮੇਂ ਦੌਰਾਨ ਕ੍ਰਿਕਟ ਖੇਡਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਵੀ ਕ੍ਰਿਕਟ ਖੇਡਣ ਦਾ ਪੂਰਾ ਆਨੰਦ ਲਿਆ ਜਾ ਸਕੇ, ਇਸ ਦੇ ਲਈ ਰੌਸ਼ਨੀ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਜ਼ਮੀਨੀ ਪੱਧਰ ’ਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਨੂੰ ਇਸ ਸਥਾਨ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਲਈ ਜ਼ਿਲ੍ਹਾ ਖੇਡ ਅਫ਼ਸਰ ਨੂੰ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਥਾਨ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬਾਕਸ ਕ੍ਰਿਕਟ ਤੇਜ਼ੀ ਨਾਲ ਵਧ ਰਿਹਾ ਸ਼ਹਿਰੀ ਕ੍ਰਿਕਟ ਫਾਰਮੈਟ ਹੈ। ਇਹ ਛੋਟੀ ਬੰਦ ਪਿੱਚ ’ਤੇ ਆਸਾਨ ਨਿਯਮਾਂ ਨਾਲ ਖੇਡਿਆ ਜਾਂਦਾ ਹੈ, ਜੋ ਇਸ ਨੂੰ ਵਧੇਰੇ ਪਹੁੰਚਯੋਗ ਅਤੇ ਮਨੋਰੰਜਕ ਬਣਾਉਂਦਾ ਹੈ। ਉਨ੍ਹਾ ਕਿਹਾ ਕਿ ਇਸ ਨੂੰ ਤੇਜ਼, ਆਕਰਸ਼ਕ ਅਤੇ ਹਰ ਉਮਰ ਵਰਗ ਦੇ ਖਿਡਾਰੀਆਂ ਲਈ ਢੁੱਕਵਾਂ ਬਣਾਇਆ ਗਿਆ ਹੈ, ਜਿਸ ਨਾਲ ਵਧੇਰੇ ਲੋਕ ਸਹਿਜਤਾ ਨਾਲ ਇਸ ਖੇਡ ਨਾਲ ਜੁੜਨ ਲਈ ਪ੍ਰੇਰਿਤ ਹੁੰਦੇ ਹਨ।