ਜਲੰਧਰ, 5 ਅਕਤੂਬਰ : ਪੰਜਾਬ ਦੇ ਖਣਨ, ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਰਾਜਾ ਅਗਰਸੇਨ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ‘ਰੰਗਲਾ ਪੰਜਾਬ’ ਦੀ ਸਿਰਜਣਾ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਜਲੰਧਰ ਵਿਖੇ 5179ਵੀਂ ਮਹਾਰਾਜਾ ਅਗਰਸੇਨ ਜੀ ਪੰਜਾਬ ਪ੍ਰਾਂਤੀਆ ਜਯੰਤੀ ਮੌਕੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਰਾਜਾ ਅਗਰਸੇਨ ਜੀ ਦੇ ਆਦਰਸ਼ਾਂ ’ਤੇ ਚੱਲਦੇ ਹੋਏ ਵੱਖ-ਵੱਖ ਭਲਾਈ ਕਾਰਜਾਂ ਅਤੇ ਸਕੀਮਾਂ ਰਾਹੀਂ ਸੂਬੇ ਦੇ ਹਰੇਕ ਨਾਗਰਿਕ ਨੂੰ ਸਸ਼ਕਤ ਅਤੇ ਆਤਮ ਨਿਰਭਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮਹਾਰਾਜਾ ਅਗਰਸੇਨ ਜੀ ਦੀ ਜਯੰਤੀ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜੋ ਇਸ ਮਹਾਨ ਦੂਰਅੰਦੇਸ਼ੀ ਦੇ ਸਤਿਕਾਰ ਵਿੱਚ ਹੈ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਸਮਾਨਤਾ, ਦਇਆ ਅਤੇ ਸਮੂਹਿਕ ਖੁਸ਼ਹਾਲੀ ਨੂੰ ਸਮਰਪਿਤ ਕਰ ਦਿੱਤਾ।
ਇਸ ਸਮਾਗਮ ਦਾ ਹਿੱਸਾ ਬਣਨ ’ਤੇ ਧੰਨਵਾਦ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਦੀ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭਾਈਚਾਰੇ ਨਾਲ ਸ਼ਾਮਲ ਹੋਣਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਪੰਜਾਬ ਯੂਨਿਟ ਦੀ ਇਹ ਵਿਸ਼ੇਸ਼ ਸਮਾਗਮ ਕਰਵਾਉਣ ’ਤੇ ਭਰਪੂਰ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਅਗਰਵਾਲ ਸਮਾਜ ਦੇ ਦੇਸ਼ ਦੇ ਵਿਕਾਸ ਵਿੱਚ ਵੱਡਮੁੱਲੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ ।
ਉਨ੍ਹਾਂ ਕਿਹਾ ਕਿ ਇਸ ਸਮਾਜ ਨੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਗਈ ਹੈ। ਉਨ੍ਹਾਂ ਅਗਰਵਾਲ ਸਮਾਜ ਵਲੋਂ ਭਲਾਈ ਕਾਰਜਾਂ ਲਈ ਸ਼ੁਰੂ ਕੀਤੀਆਂ ਅਨੇਕਾਂ ਪਹਿਲਕਦਮੀਆਂ, ਖਾਸ ਕਰ ਹੜ੍ਹਾਂ ਦੌਰਾਨ ਪਾਏ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਗਈ। ਪੰਜਾਬ ਸਰਕਾਰ ਦੀ ਸੂਬੇ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਬਰਿੰਦਰ ਕੁਮਾਰ ਗੋਇਲ ਨੇ ਭਰੋਸਾ ਦੁਆਇਆ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਮਹਾਰਾਜਾ ਅਗਰਸੇਨ ਜੀ ਦੇ ਆਦਰਸ਼ਾਂ ਦੀ ਪਾਲਣਾ ਕਰਦੀ ਰਹੇਗੀ। ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਸੁਰੇਂਦਰ ਅਗਰਵਾਲ, ਸਟੇਟ ਚੇਅਰਮੈਨ ਮਨਮੋਹਨ ਮਿੱਤਲ, ਸਟੇਟ ਜਨਰਲ ਸਕੱਤਰ ਅਸ਼ੋਕ ਅਗਰਵਾਲ, ਚੇਅਰਮੈਨ ਅਗਰਵਾਲ ਵੈੱਲਫੇਅਰ ਬੋਰਡ ਅਸ਼ਵਨੀ ਅਗਰਵਾਲ ਅਤੇ ਵਾਈਸ ਚੇਅਰਮੈਨ ਲਵਲੀ ਗਰੁੱਪ ਨਰੇਸ਼ ਮਿੱਤਲ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ, ਜਿਨ੍ਹਾਂ ਮਹਾਰਾਜਾ ਅਗਰਸੇਨ ਜੀ ਦੀ ਤਸਵੀਰ ਅੱਗੇ ਜੋਤੀ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਬੰਧਕੀ ਕਮੇਟੀ ਵਲੋਂ ਮੁੱਖ ਮਹਿਮਾਨ ਬਰਿੰਦਰ ਕੁਮਾਰ ਗੋਇਲ ਅਤੇ ਉਨ੍ਹਾਂ ਦੀ ਪਤਨੀ ਸੀਮਾ ਗੋਇਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।