ਲੁਧਿਆਣਾ, 10 ਅਕਤੂਬਰ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵੀਰਵਾਰ ਨੂੰ ਮਾਸਟਰ ਪੈਲੇਸ, ਪੱਖੋਵਾਲ ਰੋਡ, ਪਿੰਡ ਸਹਿਜ਼ਾਦ (ਲੁਧਿਆਣਾ) ਵਿਖੇ ਪਰਾਲੀ ਪ੍ਰਬੰਧਨ ਅਤੇ ਹਾੜੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਖੇਤੀਬਾੜੀ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਨੇ ਕੀਤਾ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਖੇਤੀਬਾੜੀ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਨੇ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਹੈ ਉਥੇ ਇਸ ਤੋਂ ਪੈਦਾ ਹੋਣ ਵਾਲਾ ਪ੍ਰਦੂਸ਼ਣ ਮਨੁੱਖੀ ਸਿਹਤ, ਪਸ਼ੂਆਂ ਅਤੇ ਬਨਸਪਤੀ ਲਈ ਹਾਨੀਕਾਰਕ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੀ ਬਜਾਏ ਨਵੀਆਂ ਇਜਾਦ ਕੀਤੀਆਂ ਖੇਤੀਬਾੜੀ ਮਸ਼ੀਨਾਂ ਨਾਲ ਸੁਚੱਜੀ ਸਾਂਭ-ਸੰਭਾਲ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਬਣਦੀ ਸੰਭਵ ਮੱਦਦ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ। ਉਹਨਾਂ ਕਿਸਾਨਾਂ ਨੂੰ ਵਾਤਾਵਰਣ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਡਾ. ਗੁਰਜੀਤ ਸਿੰਘ ਬਰਾੜ ਨੇ ਕਿਸਾਨਾਂ ਨੂੰ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਸਕੀਮਾਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਹਨ। ਕਿਸਾਨ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਉਹਨਾਂ ਕਿਹਾ ਕਿ ਸਾਰਿਆਂ ਜਿਲ੍ਹਿਆਂ ਵਿੱਚ ਜਿਪਸਮ ਪਹੁੰਚ ਚੁੱਕਾ ਹੈ। ਕਿਸਾਨ ਮਿੱਟੀ ਦੀ ਸਿਹਤ ਸੁਧਾਰ ਲਈ ਜਿਪਸਮ ਦੀ ਵਰਤੋਂ ਕਰਨ ਜੋ ਕਿ ਸਰਕਾਰ ਵੱਲੋਂ ਸਬਸਿਡੀ ਉੱਪਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਿੱਟੀ ਪਰਖ ਕਰਵਾਏ ਬਿਨਾਂ ਖਾਦਾਂ ਦੀ ਵਰਤੋਂ ਨਾ ਕਰਨ ਤਾਂ ਜੋ ਖੇਤੀ ਖਰਚੇ ਘਟਾਏ ਜਾ ਸਕਣ।
ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿੱਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਅਤੇ ਸਰਕਾਰ ਵੱਲੋਂ ਸਬਸਿਡੀ ਉੱਤੇ ਦਿੱਤੇ ਆਧੁਨਿਕ ਉਪਕਰਨਾਂ ਦੀ ਵਰਤੋਂ ਕਰਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਮਿਆਰੀ ਕਿਸਮਾਂ ਦੇ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਨਿਸ਼ਾਨਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਲਈ ਵਿਸ਼ੇਸ਼ ਤੌਰ ਤੇ ਪਿੰਡ ਅਤੇ ਬਲਾਕ ਪੱਧਰੀ ਕੈਂਪ ਲਗਾ ਕੇ ਹਾੜ੍ਹੀ ਅਤੇ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਵਿਭਾਗ ਵਚਨਬੱਧ ਹੈ। ਇਸ ਮੌਕੇ ਉਹਨਾਂ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਅਤੇ ਵਿਭਾਗੀ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।
ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਤੋਂ ਆਏ ਮਾਹਿਰਾਂ ਦੀ ਟੀਮ ਜਿਸ ਵਿੱਚ ਡਾ. ਅਮਿਤ ਕੋਲ, ਐਗਰੋਨਾਮਿਸਟ ਡਾ. ਅਮਰਜੀਤ ਸਿੰਘ, ਪਲਾਂਟ ਪਥਾਲੋਜਿਸਟ ਡਾ. ਮਹੇਸ਼ ਨਾਰੰਗ, ਮੁੱਖੀ ਖੇਤੀ ਮਸ਼ੀਨਰੀ ਵਿਭਾਗ ਡਾ. ਆਰ.ਐਸ ਚੰਦੀ, ਕੀਟ ਵਿਗਿਆਨੀ ਸ਼ਾਮਿਲ ਸਨ। ਇਸ ਟੀਮ ਨੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ।
ਕੈਂਪ ਦੌਰਾਨ ਮੰਚ ਸੰਚਾਲਨ ਦੀ ਡਿਊਟੀ ਸ੍ਰੀ਼ਮਤੀ ਗਗਨਦੀਪ ਕੌਰ, ਖੇਤੀਬਾੜੀ ਅਫਸਰ ਪੱਖੋਵਾਲ ਅਤੇ ਇੰਜ: ਅਮਨਪ੍ਰੀਤ ਸਿੰਘ ਘੇਈ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਅਤੇ ਸਵੈ ਸਹਾਇਤਾ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਤੋਂ ਇਲਾਵਾ ਇਸ ਮੌਕੇ ਜਿਲ੍ਹੇ ਦੇ 25 ਅਗਾਂਹਵਧੂ ਕਿਸਾਨਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕੈਂਪ ਵਿੱਚ ਜ਼ਿਲ੍ਹੇ ਭਰ ਦੇ 1500 ਤੋਂ ਵੱਧ ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੇ.ਐਨ.ਐਸ ਕੰਗ, ਸ੍ਰੀ ਮਨਜੀਤ ਸਿੰਘ ਬੁਟਾਹਰੀ, ਸ੍ਰੀ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਸ੍ਰੀ ਜਸਵਿੰਦਰ ਸਿੰਘ ਜੱਸੀ,
ਸ੍ਰੀ ਜਗਦੇਵ ਸਿੰਘ ਭਨੋਹੜ, ਸ੍ਰੀਮਤੀ ਗੁਰਿੰਦਰਪਾਲ ਕੌਰ, ਸ੍ਰੀ ਦਾਰਾ ਸਿੰਘ, ਸ੍ਰੀ ਜਰਨੈਲ ਸਿੰਘ, ਸ੍ਰੀ ਰਮਿੰਦਰ ਸਿੰਘ, ਸ੍ਰੀ ਗੌਰਵ ਧੀਰ, ਸ੍ਰੀ ਹਰਿੰਦਰ ਸਿੰਘ ਸੰਧੂ, ਸ੍ਰੀ ਧੰਨਰਾਜ, ਸ੍ਰੀ ਨਿਰਮਲ ਸਿੰਘ, ਸ੍ਰੀ ਜਗਤਿੰਦਰ ਸਿੰਘ ਸਿੰਧੂ ਅਤੇ ਸ੍ਰੀ ਨੀਰਜ ਸ਼ਰਮਾ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਵੀ ਹਾਜਰ ਸਨ।