ਪਾਇਲ, ਖੰਨਾ (ਲੁਧਿਆਣਾ) 14 ਅਕਤੂਬਰ:ਪਾਇਲ ਸ਼ਹਿਰ ਦੇ ਰਹਿਣ ਵਾਲੇ ਵਸਨੀਕਾਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ 1.5 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਸਪਲਾਈ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਹੇਠ ਕਰੀਬ ਤਿੰਨ ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਵਿਛਾਈ ਜਾਵੇਗੀ, ਜਿਸ ਰਾਹੀਂ ਹਰ ਘਰ ਤੱਕ ਸਾਫ਼ ਪਾਣੀ ਪਹੁੰਚਾਇਆ ਜਾਵੇਗਾ।ਇਸ ਪ੍ਰੋਜੈਕਟ ਦਾ ਉਦਘਾਟਨ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰਾਂ ਤੇ ਪਿੰਡਾਂ ਵਿੱਚ ਪਾਣੀ ਸਪਲਾਈ ਦੀਆਂ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਗਿਆਸਪੁਰਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਘਰ ਤੱਕ ਸਾਫ਼ ਪਾਣੀ ਪਹੁੰਚਾਉਣਾ ਹੈ ਤਾਂ ਜੋ ਲੋਕਾਂ ਨੂੰ ਗੰਦੇ ਪਾਣੀ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ, ਹਲਕਾ ਪਾਇਲ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ ਅਤੇ ਮਿਆਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਏ.ਪੀ. ਜੱਲ੍ਹਾ, ਮਨਜੀਤ ਸਿੰਘ, ਸੁਖਦੀਪ ਸਿੰਘ ਸੋਹੀ, ਹਰਜਿੰਦਰ ਕੁਮਾਰ ਰਾਜੂ, ਸੁਰਿੰਦਰਪਾਲ ਸਿੰਘ ਮੰਗਾ, ਦਲਵਿੰਦਰ ਸਿੰਘ ਝਾਬੇਵਾਲ ਸਮੇਤ ਕਈ ਸਥਾਨਕ ਆਗੂ ਤੇ ਇਲਾਕਾ ਨਿਵਾਸੀ ਮੌਜੂਦ ਸਨ। ਸਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਾਇਲ ਸ਼ਹਿਰ ਦੇ ਵਸਨੀਕਾਂ ਨੂੰ ਸਾਫ਼ ਪਾਣੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਤੋਂ ਰਾਹਤ ਮਿਲੇਗੀ