ਖੰਨਾ, (ਲੁਧਿਆਣਾ) 29 ਅਕਤੂਬਰ:
ਲੁਧਿਆਣਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸੇ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ) ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਵੱਲੋਂ ਲਗਾਤਾਰ ਬਲਾਕ ਖੰਨਾ ਦੇ ਪਿੰਡ ਰੋਹਣੋ ਕਲਾਂ, ਈਸੜੂ, ਰਾਜੇਵਾਲ, ਨਰੈਣਗੜ੍ਹ, ਇਕੋਲਾਹਾ ਅਤੇ ਮੋਹਨਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ ਵਿਨੋਦ ਕੁਮਾਰ, ਥਾਣਾ ਸਦਰ ਖੰਨਾ ਦੇ ਐਸ.ਐਚ.ਓ ਸਤਨਾਮ ਸਿੰਘ, ਏ.ਡੀ.ਓ ਡਾ. ਸਰਤਾਜ ਸਿੰਘ, ਏ.ਡੀ.ਓ ਡਾ. ਨਵਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਪਿੰਡਾਂ ਵਿੱਚ ਚੱਲ ਰਹੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨੂੰ ਮਿਲ ਕੇ ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
ਐਸ.ਡੀ.ਐਮ ਡਾ. ਢਿੱਲੋਂ ਨੇ ਸਰਪੰਚਾਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਪਿੰਡਾਂ ਦੇ ਪਤਵੰਤੇ ਅਹਿਮ ਰੋਲ ਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਪੰਚ ਆਪਣੇ ਪਿੰਡ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਵੀਨਤਮ ਤਕਨੀਕਾਂ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦੇਣ। ਉਨ੍ਹਾਂ ਨੋਡਲ ਤੇ ਕਲੱਸਟਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖ਼ਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਕੋਈ ਅਣਗਹਿਲੀ ਨਾ ਵਰਤਣ ਤੇ ਕਿਸਾਨਾਂ ਨੂੰ ਪ੍ਰੇਰਿਤ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ 'ਚ ਮਿਲਾਉਣ ਤੇ ਸੁਚੱਜੇ ਪਰਾਲੀ ਪ੍ਰਬੰਧਨ ਲਈ ਉਤਸ਼ਾਹਤ ਕਰਨ। ਉਹਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਸਬ ਡਵੀਜ਼ਨ ਖੰਨਾ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ.ਐਮ.ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ ਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕੰਬਾਇਨ ਨਾਲ ਕਟਾਈ ਨਾ ਕਰਨ ਸਬੰਧੀ ਜਾਰੀ ਕੀਤੇ ਆਦੇਸ਼ਾਂ ਦੀ ਵੀ ਫ਼ੀਲਡ ਵਿਚ ਤਾਇਨਾਤ ਅਧਿਕਾਰੀ ਪਾਲਣਾ ਨੂੰ ਯਕੀਨੀ ਬਣਾਉਣ।
ਉਨ੍ਹਾਂ ਪਿੰਡ ਈਸੜੂ ਦੇ ਕਿਸਾਨ ਨਾਜਰ ਸਿੰਘ ਪੁੱਤਰ ਨਾਇਬ ਸਿੰਘ ਅਤੇ ਹੋਰ ਕਿਸਾਨਾਂ ਦੇ ਖੇਤਾਂ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਚੱਲ ਰਹੇ ਬੇਲਰ, ਮਲਚਰ ਅਤੇ ਪਲਟਾਵੇਂ ਹਲ ਦਾ ਮੌਕੇ ਉੱਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਇਨ੍ਹਾਂ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਣ ਲਈ ਅਪੀਲ ਕੀਤੀ।
ਐਸ.ਡੀ.ਐਮ ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਨੂੰ ਜੇਕਰ ਕਿਸੇ ਪ੍ਰਕਾਰ ਦੀ ਮਸ਼ੀਨਰੀ ਦੀ ਲੋੜ ਪੈਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
ਡੀ.ਐਸ.ਪੀ ਵਿਨੋਦ ਕੁਮਾਰ ਨੇ ਕਿਹਾ ਕਿ ਪੁਲਿਸ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੀ ਮੁਹਿੰਮ ਵਿੱਢੀ ਗਈ ਹੈ। ਉਹਨਾਂ ਕਿਹਾ ਕਿ ਇਸ ਦਾ ਹੱਲ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਕੀਤਾ ਜਾ ਸਕਦਾ ਹੈ। ਉਹਨਾਂ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਐਸ.ਐਚ.ਓ ਥਾਣਾ ਸਦਰ ਖੰਨਾ ਸਤਨਾਮ ਸਿੰਘ ਵੱਲੋਂ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਕਿਸੇ ਪ੍ਰਕਾਰ ਦੀ ਕਾਨੂੰਨੀ ਕਾਰਵਾਈ ਤੋਂ ਬਚਿਆ ਸਕੇ।


