ਖੰਨਾ, (ਲੁਧਿਆਣਾ), 6 ਨਵੰਬਰ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਸ਼ੁਰੂ ਹੈ। ਇਸ ਕਾਰਵਾਈ ਤਹਿਤ ਵੀਰਵਾਰ ਨੂੰ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਜਯੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਨਸ਼ਾ ਤਸਕਰ ਵਿੱਕੀ ਪੁੱਤਰ ਬਿੱਟੂ ਵਾਸੀ ਵਾਰਡ ਨੰਬਰ 11, ਮੀਟ ਮਾਰਕੀਟ, ਖੰਨਾ ਹਾਲ ਵਾਸੀ ਵਾਰਡ ਨੰਬਰ 18, ਕਰਤਾਰ ਨਗਰ, ਖੰਨਾ, ਜ਼ਿਲ੍ਹਾ ਲੁਧਿਆਣਾ ਦਾ ਘਰ ਢਾਹਿਆ ਗਿਆ। ਇਹ ਮਕਾਨ ਨਗਰ ਕੌਂਸਲ ਖੰਨਾ ਤੋਂ ਬਿਨਾਂ ਮਨਜ਼ੂਰੀ ਲਏ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਹੋਇਆ ਸੀ।
ਇਸ ਮੌਕੇ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਸ੍ਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਵਿੱਕੀ ਪੁੱਤਰ ਬਿੱਟੂ ਵੱਲੋਂ ਮਿਊਸਪਲ ਐਕਟ ਦੀ ਉਲੰਘਣਾ ਕਰਕੇ ਮਕਾਨ ਦੀ ਨਜਾਇਜ ਉਸਾਰੀ ਕੀਤੀ ਗਈ ਸੀ ਅਤੇ ਇਸ ਵੱਲੋਂ ਮਕਾਨ ਦਾ ਕੋਈ ਨਕਸ਼ਾ ਨਗਰ ਕੌਂਸਲ ਖੰਨਾ ਤੋਂ ਪਾਸ ਨਹੀਂ ਕਰਵਾਇਆ ਗਿਆ ਸੀ। ਮਿਊਸਪਲ ਐਕਟ ਦੇ ਤਹਿਤ ਇਸ ਮਕਾਨ ਨੂੰ ਢਾਹੁਣ ਲਈ 4 ਨੋਟਿਸ ਵੀ ਭੇਜੇ ਗਏ ਸਨ। ਸੋ ਅੱਜ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ।
ਖੰਨਾ ਦੇ ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ ਨੇ ਦੱਸਿਆ ਕਿ ਨਸ਼ਾ ਤਸਕਰ ਵਿੱਕੀ ਪੁੱਤਰ ਬਿੱਟੂ ਵਾਸੀ ਵਾਰਡ ਨੰਬਰ 11, ਮੀਟ ਮਾਰਕੀਟ, ਖੰਨਾ ਹਾਲ ਵਾਸੀ ਵਾਰਡ ਨੰਬਰ 18, ਕਰਤਾਰ ਨਗਰ, ਖੰਨਾ ਦੇ ਖਿਲਾਫ਼ ਨਸ਼ਾ ਤਸਕਰੀ ਦੇ ਵੱਖ-ਵੱਖ 2 ਕੇਸ ਦਰਜ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦਾ ਕਾਰੋਬਾਰ ਕਰਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਖੰਨਾ ਦੇ ਸਹਿਯੋਗ ਨਾਲ ਅੱਜ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਭਵਿੱਖ ਵਿੱਚ ਵੀ ਜ਼ਿਲ੍ਹਾ ਪੁਲਿਸ ਨਸ਼ਾ ਤਸਕਰਾਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਐਸ.ਐਸ.ਪੀ ਨੇ ਕਿਹਾ ਕਿ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਜ਼ਿਲ੍ਹਾ ਖੰਨਾ ਦੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਜਿਥੇ ਨਸਿ਼ਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ ਉਥੇ ਹੀ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਨਸ਼ਾ ਪੀੜਤਾਂ ਨੂੰ ਸਿਹਤਯਾਬ ਕਰਨ ਲਈ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ ਲਗਭਗ 15 ਥਾਵਾਂ ਤੇ ਅਜਿਹੀਆਂ ਨਜਾਇਜ਼ ਉਸਾਰੀਆਂ ਨੂੰ ਢਾਹਿਆ ਜਾ ਚੁੱਕਾ ਹੈ ਜਿਹੜੀਆਂ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਤਿਆਰ ਕੀਤੀਆਂ ਗਈਆਂ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੁਲਿਸ ਨੂੰ ਸੇਫ ਪੰਜਾਬ ਜਾਂ ਹੈਲਪਲਾਈਨ ਨੰਬਰ 112 ਤੇ ਨਸ਼ਾ ਤਸਕਰਾਂ ਬਾਰੇ ਗੁਪਤ ਸੂਚਨਾ ਦੇਣ ਤਾਂ ਜੋ ਕੋਈ ਵੀ ਮਾੜਾ ਅਨਸਰ ਕਾਨੂੰਨੀ ਸ਼ਿਕੰਜੇ ਤੋਂ ਬਚ ਨਾ ਸਕੇ। ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।
ਡਾ. ਜਯੋਤੀ ਯਾਦਵ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ।
ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਇਲਾਕਾ ਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ। ਉਨ੍ਹਾਂ ਵੱਲੋਂ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਨਾਇਬ ਤਹਿਸੀਲਦਾਰ ਖੰਨਾ ਮਨਪ੍ਰੀਤ ਸਿੰਘ, ਐਸ.ਪੀ.(ਹੈਡਕੁਆਰਟਰ) ਤਰੁਣ ਰਤਨ, ਡੀ.ਐਸ.ਪੀ ਖੰਨਾ ਵਿਨੋਦ ਕੁਮਾਰ, ਡੀ.ਐਸ.ਪੀ ਕਰਮਵੀਰ ਤੂਰ, ਥਾਣਾ ਸਿਟੀ-2 ਦੇ ਐਸ.ਐਚ.ਓ ਇੰਸਪੈਕਟਰ ਹਰਦੀਪ ਸਿੰਘ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।


